ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਵਿਡ ਦੀ ਪ੍ਰਵਾਹ ਨਾ ਕਰਦੇ ਹੋਏ ਖੇਤੀ ਬਿੱਲਾਂ ਖ਼ਿਲਾਫ਼ ਸੜਕਾਂ ’ਤੇ ਉਤਰੇ ਕਿਸਾਨਾਂ ਦਾ ਦਰਦ ਜ਼ਰੂਰ ਕੇਂਦਰ ਤੱਕ ਪੁੱਜੇਗਾ। ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹੀ ਦੇ ਰਾਹ ਪਾਉਣ ’ਤੇ ਤੁਲੀ ਹੋਈ ਹੈ। ਮੁੱਖ ਮੰਤਰੀ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ’ਤੇ ਮਨਜ਼ੂਰੀ ਦੀ ਮੋਹਰ ਨਾ ਲਾਉਣ ਕਿਉਂਕਿ ਇਸ ਨਾਲ ਸਮੁੱਚਾ ਅਰਥਚਾਰਾ ਡੋਲ ਜਾਵੇਗਾ।
ਅਮਰਿੰਦਰ ਸਿੰਘ ਨੇ ਅੱਜ ਚਿਤਾਵਨੀ ਵੀ ਦਿੱਤੀ ਕਿ ਜੇ ਇਹ ਖੇਤੀ ਬਿੱਲ ਲਾਗੂ ਹੋ ਗਏ ਤਾਂ ਇਨ੍ਹਾਂ ਨਾਲ ਸਰਹੱਦੀ ਸੂਬੇ ਪੰਜਾਬ ਲਈ ਬਹੁਤ ਭੈੜੇ ਸਿੱਟੇ ਨਿਕਲਨਗੇ। ਉਨ੍ਹਾਂ ਕੇਂਦਰ ਸਰਕਾਰ ਉੱਤੇ ਪੂੰਜੀਵਾਦੀ ਤਾਕਤਾਂ ਦੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨੀ ਹਿੱਤਾਂ ਖਾਤਰ ਹਰ ਕਦਮ ਉਠਾਏਗੀ ਤਾਂ ਜੋ ਖੇਤੀ ਨੈੱਟਵਰਕ ਨੂੰ ਢਾਹ ਲਾਉਣ ਵਾਲੇ ਕੇਂਦਰੀ ਮਨਸੂਬਿਆਂ ਨੂੰ ਨੱਥ ਪਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਬਿੱਲਾਂ ਸਬੰਧੀ ਲੋਕਾਂ ਸਾਹਮਣੇ ਡਰਾਮਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਹਾਲੇ ਵੀ ਕੇਂਦਰੀ ਗੱਠਜੋੜ ਵਿਚ ਭਾਈਵਾਲ ਬਣੇ ਹੋਏ ਹਨ।