ਨਵੀਂ ਦਿੱਲੀ (ਸਮਾਜ ਵੀਕਲੀ) : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ‘ਆਪ’ ਆਗੂਆਂ ਨੇ ਸ੍ਰੀ ਕੇਜਰੀਵਾਲ ਨਾਲ ਖੇਤੀ ਕਾਨੂੰਨਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਸ੍ਰੀ ਕੇਜਰੀਵਾਲ ਨੇ ‘ਆਪ’ ਦੀ ਸੂਬਾਈ ਲੀਡਰਸ਼ਿਪ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦਾ ਡੱਟ ਕੇ ਸਾਥ ਦੇਣ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮਿਲਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਐੱਮਐੱਸਪੀ ਕੌਣ ਦੇਵੇਗਾ? ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਜ਼ਰੂਰੀ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਨਹੀਂ ਦਿੰਦੀ ਤਾਂ ਇਹ ਪੰਜਾਬ ਦੀ ਕੈਪਟਨ ਸਰਕਾਰ ਨੂੰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਲਈ ਆਖ਼ਰੀ ਦਮ ਤੱਕ ਲੜੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿਵਾ ਕੇ ਹੀ ਸਾਹ ਲਵੇਗੀ। ਸ੍ਰੀ ਕੇਜਰੀਵਾਲ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਪੂਰੇ ਪੰਜਾਬ ’ਚ ਮੁਹਿੰਮ ਚਲਾਉਣ। ਇਸ ਬੈਠਕ ’ਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ, ਵਿਧਾਇਕ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ।