ਚੰਡੀਗੜ੍ਹ (ਸਮਾਜਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ ਅਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਰਾਖੀ ਲਈ ਦਲ ਯਤਨ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪਾਰਟੀ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਅੰਨਦਾਤਾ ਦੀ ਭਲਾਈ ਤੋਂ ਪਰ੍ਹੇ ਦੀਆਂ ਗੱਲਾਂ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਖੇਤੀ ਉਤਪਾਦਾਂ ਦੀ ਖਰੀਦ ਸਬੰਧੀ ਨਵੇਂ ਆਰਡੀਨੈਂਸ ਬਾਰੇ ਸੰਵਿਧਾਨਕ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਜੇਕਰ ਲੋੜ ਪਈ ਤਾਂ ਮਾਮਲਾ ਕੇਂਦਰ ਕੋਲ ਚੁੱਕਾਂਗੇ। ਅਕਾਲੀ ਦਲ ਨੇ ਦਾਅਵਾ ਕੀਤਾ ਕਿ ਘੱਟੋ-ਘੱਟ ਸਮਰਥਨ ਮੁੱਲ ਬਦਲਿਆ ਨਹੀਂ ਜਾ ਸਕਦਾ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਵੀ ਇਹੀ ਭਰੋਸਾ ਦਿਵਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਤਸੱਲੀ ਨਾ ਹੋਈ ਤਾਂ ਇਹ ਮਾਮਲਾ ਸੰਸਦ ਵਿੱਚ ਰੱਖਾਂਗੇ।
ਉਨ੍ਹਾਂ ਕਿਹਾ ਕਿ ਸਰਬ ਪਾਰਟੀ ਦਾ ਇਕ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬਾਰੇ ਜਾਰੀ ਪ੍ਰੈੱਸ ਬਿਆਨ ਝੂਠਾ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੋਵੇਂ ਇੱਕੋ ਪੰਨੇ ’ਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਕਟਾਂ ਦਾ ਘੱਟੋ-ਘੱਟ ਖਰੀਦ ਮੁੱਲ ਅਤੇ ਫ਼ਸਲ ਖਰੀਦ ਨਾਲ ਕੁਝ ਲੈਣਾ ਦੇਣਾ ਨਹੀਂ ਹੈ।