ਚੰਡੀਗੜ੍ਹ, ਸਮਾਜ ਵੀਕਲੀ: ਹਿਸਾਰ ਵਿੱਚ ਕਿਸਾਨਾਂ ’ਤੇ ਦਰਜ ਕੇਸਾਂ ਵਿਰੁੱਧ ਅੱਜ ਕਿਸਾਨ ਜਥੇਬੰਦੀਆਂ ਨੇ ਖੱਟਰ ਸਰਕਾਰ ਖ਼ਿਲਾਫ਼ ਹਿਸਾਰ ’ਚ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਹਰਿਆਣਾ ਸਰਕਾਰ ਨੇ ਕਿਸਾਨਾਂ ’ਤੇ ਦਰਜ ਪੁਲੀਸ ਕੇਸ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸੂਬੇ ’ਚ ਪਹਿਲਾਂ ਤੋਂ ਦਰਜ ਕੀਤੇ ਗਏ ਹੋਰ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਹੈ।
ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ 16 ਮਈ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੌਰੇ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਸੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਪੁਲੀਸ ਨੇ 350 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਸਨ। ਕਿਸਾਨ ਜਥੇਬੰਦੀਆਂ ਨੇ ਅੱਜ ਹਿਸਾਰ ਦੇ ਕ੍ਰਾਂਤੀਮਾਨ ਪਾਰਕ ਵਿੱਚ ਇਕੱਠੇ ਹੋ ਕੇ ਖੱਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ, ਸੁਮਨ ਹੁੱਡਾ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ ਅਤੇ ਉਨ੍ਹਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ। ਭਾਰੀ ਇਕੱਠ ਨੂੰ ਵੇਖਦਿਆਂ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਦੇ ਡੇਢ ਦਰਜਨ ਦੇ ਕਰੀਬ ਆਗੂਆਂ ਨਾਲ ਮੀਟਿੰਗ ਕੀਤੀ। ਦੋ ਘੰਟੇ ਦੀ ਮੀਟਿੰਗ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਦਾ ਫ਼ੈਸਲਾ ਲਿਆ ਜਦਕਿ ਕਿਸਾਨਾਂ ਖ਼ਿਲਾਫ਼ ਸੂਬੇ ’ਚ ਪਹਿਲਾਂ ਤੋਂ ਦਰਜ ਹੋਰ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਹੈ।
ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਮਗਰੋਂ ਦੇਰ ਸ਼ਾਮ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖ਼ਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਬਣਾਏ ਜਾਣ ਤੱਕ ਘਰ ਵਾਪਸੀ ਨਹੀਂ ਕਰੇਗਾ। ਸ੍ਰੀ ਟਿਕੈਤ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਲੰਬਾ ਖਿੱਚਣਾ ਚਾਹੁੰਦੀ ਹੈ ਪਰ ਕਿਸਾਨ ਵੀ ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਚਲਾਉਣ ਲਈ ਤਿਆਰ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly