ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਖੇਤਰ ’ਚ ਸੁਧਾਰ ਸਬੰਧੀ ਬਿੱਲਾਂ ਦੀ ਹਮਾਇਤ ਕਰਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਆਜ਼ਾਦੀ ਤੇ ਸੁਰੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਵਿਰੋਧੀ ਧਿਰਾਂ ਨੂੰ ਦਲਾਲਾਂ ਨਾਲ ਮਿਲ ਕੇ ਕਿਸਾਨਾਂ ਨੂੰ ਇਸ ਮੁੱਦੇ ’ਤੇ ਗੁਮਰਾਹ ਕਰਨ ਦਾ ਦੋਸ਼ ਲਾਇਆ। ਬੀਤੇ ਦਿਨ ਲੋਕ ਸਭਾ ਤੋਂ ਪਾਸ ਕੀਤੇ ਜਾਣ ਤੋਂ ਬਾਅਦ ਇਹ ਬਿੱਲ ਹੁਣ ਰਾਜ ਸਭਾ ’ਚ ਪੇਸ਼ ਕੀਤੇ ਗਏ ਹਨ।
ਇਨ੍ਹਾਂ ਬਿੱਲਾਂ ਖ਼ਿਲਾਫ਼ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਬਿਹਾਰ ’ਚ ਕਈ ਰੇਲ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਤੇ ‘ਕੋਸੀ ਰੇਲ ਮਹਾਸੇਤੂ’ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਿਣਸਾਂ ਦੀ ਸਰਕਾਰੀ ਖਰੀਦ ਜਾਰੀ ਰਹੇਗੀ ਤੇ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ।
ਉਨ੍ਹਾਂ ਕਿਹਾ, ‘ਕਿਸਾਨਾਂ ’ਚ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਿਣਸਾਂ ਦਾ ਘੱਟੋ ਘੱਟੋ ਸਮਰਥਨ ਮੁੱਲ ਨਹੀਂ ਦੇਵੇਗੀ। ਅਜਿਹੇ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਸਰਕਾਰ ਹੁਣ ਕਣਕ, ਚੌਲ ਤੇ ਹੋਰ ਅਨਾਜ ਦੀ ਖਰੀਦ ਵੀ ਨਹੀਂ ਕਰੇਗੀ। ਕਿਸਾਨਾਂ ਨੂੰ ਭਟਕਾਉਣ ਲਈ ਇਹ ਪੂਰੀ ਤਰ੍ਹਾਂ ਝੂਠ ਬੋਲਿਆ ਜਾ ਰਿਹਾ ਹੈ।’ ਉਨ੍ਹਾਂ ਕਿਹਾ ਕਿ 21ਵੀਂ ਸਦੀ ’ਚ ਇਹ ਬਿੱਲ ਦੇਸ਼ ਦੀ ਜ਼ਰੂਰਤ ਹਨ ਤੇ ਹੁਣ ਕਿਸਾਨਾਂ ਨੂੰ ਇੱਕ ਥਾਂ ਬੱਝੇ ਰਹਿਣ ਦੀ ਲੋੜ ਨਹੀਂ ਹੈ ਅਤੇ ਉਹ ਦੇਸ਼ ’ਚ ਜਿੱਥੇ ਚਾਹੁਣ ਜਾ ਕੇ ਆਪਣੀ ਜਿਣਸ ਵੇਚ ਸਕਦੇ ਹਨ।