ਆੜ੍ਹਤੀਆਂ ਤੇ ਮੰਤਰੀਆਂ ਵਲੋਂ ਅਦਾਇਗੀ ਦੇ ਪੁਰਾਣੇ ਅਮਲ ਦੀ ਵਕਾਲਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐੱਫ.ਐੱਮ.ਐੱਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ। ਇੱਥੇ ਕਿਸਾਨ ਭਵਨ ਵਿੱਚ ਆੜ੍ਹਤੀਆਂ ਦੇ ਇਕੱਠ ਵਿੱਚ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਵਲੋਂ ਆੜ੍ਹਤੀਆਂ ਦੀ ਪੇਸ਼ ਕੀਤੀ ਮੁੱਖ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਭੰਡਾਰ ਲਈ ਕਣਕ ਤੇ ਝੋਨੇ ਦੇ ਖਰੀਦ ਅਮਲ ’ਚੋਂ ਆੜ੍ਹਤੀਆਂ ਨੂੰ ਬਾਹਰ ਕਰਨ ਲਈ ਏਪੀਐੱਮਸੀ ਐਕਟ ’ਚ ਸੋਧ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆੜ੍ਹਤੀਆਂ ਨਾਲ ਪੁਰਾਣੇ ਸਬੰਧ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦਾ ਅਮਲ ਜਾਰੀ ਰੱਖੇਗੀ। ਆੜ੍ਹਤੀਆਂ ਨੇ ਮੁੱਖ ਮੰਤਰੀ ਦੇ ਇਸ ਐਲਾਨ ਦਾ ਤਾੜੀਆਂ ਨਾਲ ਸਵਾਗਤ ਕੀਤਾ। ਲੈਣ-ਦੇਣ ਦੇ ਮਾਮਲਿਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਵਾਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਨਹੀਂ ਹੋਵੇਗਾ, ਪਰ ਉਹ ਇਸ ਬਾਰੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ।