ਨਵੀਂ ਦਿੱਲੀ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਪੁਲੀਸ ਵੱਲੋਂ ਟਿਕਰੀ ਬਾਰਡਰ ’ਤੇ ਕਿਸਾਨਾਂ ਨੂੰ ਚਿਤਾਵਨੀ ਦੇਣ ਸਬੰਧੀ ਲਾਏ ਪੋਸਟਰਾਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਹਾਲਾਂਕਿ ਦਿੱਲੀ ਪੁਲੀਸ ਦਾ ਦਾਅਵਾ ਹੈ ਕਿ ਇਹ ਪੋਸਟਰ ਨਵੇਂ ਨਹੀਂ ਹਨ ਅਤੇ ਇਨ੍ਹਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਕੌਮੀ ਰਾਜਧਾਨੀ ਵਿੱਚ ਦਾਖ਼ਲ ਨਾ ਹੋਣ ਸਬੰਧੀ ਕਿਹਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ਵਿੱਚ ਕਿਹਾ ਕਿ ਸੰਘਰਸ਼ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਸ਼ਾਂਤੀਪੂਰਨ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਲਗਪਗ ਤਿੰਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫ਼ਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।