ਅੰਮ੍ਰਿਤਸਰ (ਸਮਾਜ ਵੀਕਲੀ) : ਨਵੇਂ ਵਰ੍ਹੇ ਸੰਮਤ 553 ਦਾ ਨਾਨਕਸ਼ਾਹੀ ਕੈਲੰਡਰ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਹ ਕੈਲੰਡਰ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ ਭਲਕੇ 14 ਮਾਰਚ (1 ਚੇਤ) ਤੋਂ ਸ਼ੁਰੂ ਹੋ ਰਿਹਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਇਸ ਕੈਲੰਡਰ ਵਿਚ ਗੁਰੂ ਤੇਗ ਬਹਾਦਰ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਿਆਂ ਦੀਆਂ ਤਸਵੀਰਾਂ ਸ਼ਾਮਲ ਹਨ। ਕਿਸਾਨ ਸੰਘਰਸ਼ ਦੇ ਚੱਲਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਪ੍ਰਗਟਾਏ ਇਤਰਾਜ਼ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਆਪਣੇ ਫਰਜ਼ਾਂ ਦੀ ਪੂਰਤੀ ਕਰਦਿਆਂ ਲੋੜਵੰਦਾਂ ਨੂੰ ਲੰਗਰ ਦੀ ਸੇਵਾ ਮੁਹੱਈਆ ਕਰ ਰਹੀ ਹੈ। ਸੰਘਰਸ਼ ਕਰ ਰਹੇ ਕਿਸਾਨ ਸਾਡੇ ਪਿੰਡਾਂ ਤੇ ਨਗਰਾਂ ਦੇ ਹਨ, ਉਨ੍ਹਾਂ ਨੂੰ ਲੰਗਰ ਮੁਹੱਈਆ ਕਰਨਾ ਗ਼ੁਨਾਹ ਨਹੀਂ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਤੇ ਹੋਰ ਇਤਿਹਾਸਕ ਦਿਹਾੜੇ ਇਸ ਕੈਲੰਡਰ ਅਨੁਸਾਰ ਮਨਾਉਣ। ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸੰਗਤ ਸਿੱਖ ਪ੍ਰੰਪਰਾ ਅਨੁਸਾਰ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਗੁਰਮਤਿ ਸਮਾਗਮ ਕਰ ਕੇ ਖ਼ੁਸ਼ੀ ਦਾ ਇਜ਼ਹਾਰ ਕਰੇ। ਉਨ੍ਹਾਂ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇ। ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੈਦਾ ਹੋਏ ਮਤਭੇਦ ਹੱਲ ਕਰਨ ਦਾ ਯਤਨ ਜਾਰੀ ਹੈ ਤੇ ਵੱਡੇ ਪੱਧਰ ’ਤੇ ਮਤਭੇਦ ਦੂਰ ਵੀ ਹੋ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਪਾਕਿਸਤਾਨ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਤਾਲਮੇਲ ਵਾਲਾ ਮਾਹੌਲ ਕਾਇਮ ਕਰਨ।