ਕਿਸਾਨਾਂ ਵੱਲੋਂ ਪੰਜਾਬੀਆਂ ਨੂੰ ਸੰਘਰਸ਼ ’ਚ ਸ਼ਾਮਲ ਹੋਣ ਦੀ ਅਪੀਲ

ਅੰਮ੍ਰਿਤਸਰ (ਸਮਾਜ ਵੀਕਲੀ): ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਕਿਉਂਕਿ ਇਹ ਸੰਘਰਸ਼ ਪੰਜਾਬੀਆਂ ਦੀ ਜ਼ਿੰਦਗੀ ਤੇ ਮੌਤ ਦੇ ਸਵਾਲ ਨਾਲ ਜੁੜ ਗਿਆ ਹੈ। ਇਹ ਧਰਨਾ ਪਿਛਲੇ 14 ਦਿਨਾਂ ਤੋਂ ਜਾਰੀ ਹੈ।

ਅੱਜ ਧਰਨੇ ਦੌਰਾਨ ਕਿਸਾਨ ਕਾਰਕੁਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤੇ, ਬਚਿੱਤਰ ਸਿੰਘ ਕੋਟਲਾ ਆਦਿ ਨੇ ਆਖਿਆ ਕਿ ਪ੍ਰਧਾਨ ਮੰਤਰੀ ਦਾਅਵਾ ਕਰ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਨਾਲ ਖੇਤੀ ਸੁਧਾਰ ਹੋਵੇਗਾ ਅਤੇ ਕਿਸਾਨਾਂ ਨੂੰ ਲਾਭ ਪੁੱਜੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਮਜਬੂਰੀ ਹੈ ਕਿ ਉਹ ਵੱਡੀਆਂ ਕੰਪਨੀਆਂ ਦੇ ਸੇਵਾਦਾਰ ਹੋਣ ਕਰ ਕੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਵਕਾਲਤ ਕਰ ਰਹੇ ਹਨ। ਸਚਾਈ ਇਹ ਹੈ ਕਿ ਜੇ ਇਹ ਕਾਨੂੰਨ ਰਹੇ ਤਾਂ ਕਿਸਾਨ ਖੇਤੀ ਵਿਚੋਂ ਬਾਹਰ ਹੋ ਜਾਣਗੇ ਤੇ ਮਜ਼ਦੂਰ ਬਣ ਜਾਣਗੇ।

ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਰੁਜ਼ਗਾਰ ਪੈਦਾ ਕਰਨ ਵਾਲੀ ਨਹੀਂ ਸਗੋਂ ਬੇਰੁਜ਼ਗਾਰੀ ’ਚ ਵਾਧਾ ਕਰਨ ਵਾਲੀ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਨੂੰਨਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਪੰਜਾਬੀ ਹੋਣਗੇ। ਕਿਸਾਨ ਆਗੂਆਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਹ ਸੰਘਰਸ਼ ਕਿਰਤੀਆਂ ਦੀ ਜ਼ਿੰਦਗੀ ਤੇ ਮੌਤ ਦਾ ਸਵਾਲ ਹੈ, ਇਸ ਲਈ ਵੱਡੇ ਪੱਧਰ ’ਤੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ।

Previous articleਦੋ ਨੌਜਵਾਨਾਂ ਦੀ ਗ੍ਰਿਫ਼ਤਾਰੀ ਮਗਰੋਂ ਦਿਲਪ੍ਰੀਤ ਬਾਬਾ ਤੋਂ ਪੜਤਾਲ ਸ਼ੁਰੂ
Next articleਚਾਰ ਕਿਲੋ ਡੋਡਿਆਂ ਨੇ ਪੰਜਾਬ ਪੁਲੀਸ ਨੂੰ ਵਖ਼ਤ ਪਾਇਆ