ਚੰਡੀਗੜ੍ਹ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੇ ਕੇਂਦਰੀ ਮੰਤਰੀ ਰਾਓ ਸਾਹਿਬ ਦਾਨਵੇ ਸਣੇ ਪੰਜ ਜਣਿਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨਾਂ ਨੇ ਆਮ ਆਦਮੀ ਪਾਰਟੀ (ਆਪ) ਦੀ ਮਦਦ ਨਾਲ ਜਿਨ੍ਹਾਂ ਤਿੰਨ ਹੋਰ ਭਾਜਪਾ ਸੰਸਦ ਮੈਂਬਰਾਂ ਨੂੰ ਨੋਟਿਸ ਭੇਜੇ ਗਏ ਹਨ, ਉਨ੍ਹਾਂ ਵਿੱਚ ਰਵੀ ਕਿਸ਼ਨ, ਮਨੋਜ ਤਿਵਾੜੀ ਅਤੇ ਰਾਮੇਸ਼ ਬਿਧੂੜੀ ਸ਼ਾਮਲ ਹਨ।
‘ਆਪ’ ਪੰਜਾਬ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੁੱਝ ਕਿਸਾਨਾਂ ਨੇ ਇਨਸਾਫ਼ ਲਈ ਭਾਜਪਾ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੀ ਪਾਰਟੀ ਵੱਲੋਂ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ।
ਸ੍ਰੀ ਚੱਢਾ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਦੀ ਥਾਂ ਮੋਦੀ ਸਰਕਾਰ ਉਨ੍ਹਾਂ ਨੂੰ ਪਹਿਲੇ ਦਿਨ ਤੋਂ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਇਸ ਦੇ ਮੱਦੇਨਜ਼ਰ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਲਈ ‘ਦੇਸ਼ ਧ੍ਰੋਹੀ’, ‘ਖਾਲਿਸਤਾਨੀ’ ‘ਟੁਕੜੇ ਟੁਕੜੇ ਗੈਂਗ’ ‘ਪਾਕਿਸਤਾਨ ਤੇ ਚੀਨ ਸਮਰਥਕ’ ਵਰਗੇ ਲਕਬ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਇਤਰਾਜ਼ਯੋਗ ਟਿੱਪਣੀਆਂ ਖ਼ਿਲਾਫ਼ ਇਨਸਾਫ਼ ਲੈਣ ਲਈ ਕਿਸਾਨ ਅਦਾਲਤ ਦਾ ਦਰਵਾਜ਼ਾ ਖੜਕਾ ਰਹੇ ਹਨ।
ਸ੍ਰੀ ਚੱਢਾ ਨੇ ਦੱਸਿਆ ਕਿ ਜੀਵਨਜੋਤ ਕੌਰ ਨੇ ਸੰਘਰਸ਼ਸ਼ੀਲ ਬਿਰਧ ਔਰਤ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਤੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਭੇਜਿਆ ਹੈ।
ਇਸੇ ਤਰ੍ਹਾਂ ਸੰਸਦ ਮੈਂਬਰ ਮਨੋਜ ਤਿਵਾੜੀ ਵੱਲੋਂ ਕਿਸਾਨ ਅੰਦੋਲਨ ਸਮਰਥਕਾਂ ਨੂੰ ਟੁਕੜੇ-ਟੁਕੜੇ ਗੈਂਗ ਦੇ ਮੈਂਬਰ ਕਹਿਣ ਦੇ ਮਾਮਲੇ ਵਿੱਚ ਮਾਨਸਾ ਜ਼ਿਲ੍ਹੇ ਦੇ ਕਿਸਾਨ ਸੁਖਵਿੰਦਰ ਪਾਲ ਸੁਖੀ ਨੇ ਨੋਟਿਸ ਭੇਜਿਆ ਹੈ। ਪਟਿਆਲਾ ਦੇ ਕਿਸਾਨ ਗੁਰਿੰਦਰ ਸਿੰਘ ਅਤੇ ਚੇਤਨ ਸਿੰਘ ਨੇ ਕ੍ਰਮਵਾਰ ਸੰਸਦ ਮੈਂਬਰ ਰਵੀ ਕਿਸ਼ਨ ਤੇ ਕੇਂਦਰੀ ਮੰਤਰੀ ਰਾਓ ਸਾਹਿਬ ਦਾਨਵੇ ਅਤੇ ਮੁਹਾਲੀ ਦੇ ਨਰਿੰਦਰ ਸਿੰਘ ਸ਼ੇਰਗਿਲ ਨੇ ਸੰਸਦ ਮੈਂਬਰ ਰਾਮੇਸ਼ ਬਿਧੂੜੀ ਨੂੰ ਨੋਟਿਸ ਭੇਜੇ ਹਨ।