ਕਿਸਾਨ ਅੰਦੋਲਨ: ਦਸਹਿਰੇ ’ਤੇ ਅੱਜ ਫੂਕੇ ਜਾਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

* 41 ਸ਼ਹਿਰਾਂ ਤੇ ਹਜ਼ਾਰ ਪਿੰਡਾਂ ਵਿਚ ਪੁਤਲੇ ਫੂਕਣ ਦੀ ਯੋਜਨਾ

* ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਚ ਮੀਟਿੰਗ 27 ਨੂੰ

ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ੀ ਜਲੌਅ ਵਾਲੇ ਦਸਹਿਰੇ ਲਈ ਸ਼ਹਿਰਾਂ ਅਤੇ ਪਿੰਡਾਂ ਦੇ ਮੈਦਾਨ ਤਿਆਰ-ਬਰ-ਤਿਆਰ ਹਨ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਅਤੇ ਸਾਮਰਾਜੀ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ ਜੋ ਸਾੜੇ ਜਾਣੇ ਹਨ। ਪਿੰਡਾਂ ਵਿੱਚ ਪੁਤਲੇ ਸਾੜਨ ਲਈ ਡਿਊਟੀਆਂ ਲੱਗ ਚੁੱਕੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪੁਤਲੇ ਸੂਬੇ ਦੇ 41 ਸ਼ਹਿਰਾਂ ਤੇ ਇਕ ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਫੂਕੇ ਜਾਣਗੇ। ਇਸੇ ਦੌਰਾਨ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲੇ ਦੀ ਸਪਲਾਈ ਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਰਾਜਪੁਰਾ ਥਰਮਲ ਪਲਾਂਟ ਨੂੰ ਜਾਣ ਵਾਲੇ ਰੇਲ ਮਾਰਗ ਨੂੰ ਵੀ ਬੰਦ ਕਰ ਦਿੱਤਾ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਰਾਜਪੁਰਾ ਰੇਲਵੇ ਲਾਈਨ ਨੂੰ ਅਗਲੇ ਫ਼ੈਸਲੇ ਤੱਕ ਬੰਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਸੂਬੇ ’ਚ 61 ਥਾਵਾਂ ’ਤੇ ਧਰਨੇ ਜਾਰੀ ਹਨ। ਕਿਸਾਨ ਆਗੂਆਂ ਨੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ 11 ਕਿਸਾਨਾਂ ਦੇ ਵਾਰਿਸਾਂ ਲਈ ਮੁਆਵਜ਼ਾ, ਪੱਕੀ ਨੌਕਰੀ ਅਤੇ ਮੁਕੰਮਲ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਮਰਹੂਮ ਮਾਤਾ ਤੇਜ ਕੌਰ ਦੇ ਸਸਕਾਰ ਤੋਂ ਇਨਕਾਰ ਕਰਨ ਵਾਲੇ, ਡੀਸੀ ਦਫ਼ਤਰ (ਮਾਨਸਾ) ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਬੈਠੇ ਸੰਘਰਸ਼ਸ਼ੀਲ ਲੋਕਾਂ ਦਾ ਸਾਮਾਨ ਚੁੱਕ ਕੇ ਲਿਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕੋਕਰੀਕਲਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਦਬਾਅ ਹੇਠ ਅੱਜ ਮੋਗਾ ’ਚ ਭਾਜਪਾ ਕਿਸਾਨ ਸੈੱਲ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕੰਗ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਵਿਚ ਰੇਲ ਮਾਰਗ ਰੋਕੋ ਅੰਦੋਲਨ 31ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਾਰਪੋਰੇਟਾਂ ਦੇ ਹੱਕ ਵਿੱਚ ਬਣਾਈਆਂ ਨੀਤੀਆਂ ਵੀ ਰੱਦ ਕੀਤੀਆਂ ਜਾਣ, ਵਪਾਰੀਆਂ ਵੱਲੋਂ ਯੂਪੀ-ਬਿਹਾਰ ਦੀਆਂ ਮੰਡੀਆਂ ’ਚੋਂ ਸਸਤੇ ਭਾਅ ’ਤੇ ਝੋਨਾ ਖ਼ਰੀਦ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ’ਤੇ ਰੋਕ ਲਾਈ ਜਾਵੇ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸੂਬੇ ’ਚ ਅੰਬਾਨੀ/ਅਡਾਨੀ ਦੇ ਪੈਟਰੋਲ ਪੰਪਾਂ ਦੇ ਬਾਹਰ ਚੱਲ ਰਹੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਦਸਹਿਰੇ ਵਾਲੇ ਦਿਨ ਸੂਬੇ ਦੇ ਟੌਲ ਪਲਾਜ਼ਿਆਂ ’ਤੇ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ 27 ਅਕਤੂਬਰ ਨੂੰ ਦਿੱਲੀ ਵਿਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਲਈ 500 ਦੇ ਕਰੀਬ ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਗਿਆ ਹੈ। ਦਿੱਲੀ ਵਿਚ ਹੋਣ ਵਾਲੀ ਮੀਟਿੰਗ ਤੋਂ ਬਾਅਦ ਇਸ ਸੰਘਰਸ਼ ਨੂੰ ਦੇਸ਼ ਭਰ ’ਚ ਵਧਾਇਆ ਜਾਵੇਗਾ।

Previous articleਲਾਪਤਾ ਸਰੂਪ ਮਾਮਲਾ: ਧਰਨਾਕਾਰੀ ਸਿੱਖਾਂ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਾਲੇ ਝੜਪ
Next articleਪੰਜਾਬ ਸਰਕਾਰ ਨੇ ਦਿੱਲੀ ਨਾਲ ਸੌਦਾ ਕਰਕੇ ਪਾਸ ਕੀਤੇ ਬਿੱਲ: ਸੁਖਬੀਰ