‘ਕਿਸਾਨ ਜਥੇਬੰਦੀਆਂ ਦਬਾਅ ਬਣਾ ਕੇ ਫ਼ੈਸਲੇ ਲੈਣ ਲਈ ਮਜਬੂਰ ਨਾ ਕਰਨ’

ਚੰਡੀਗੜ੍ਹ, (ਸਮਾਜ ਵੀਕਲੀ) : ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਯੂਨੀਅਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਦਿੱਤੇ ਅਲਟੀਮੇਟਮ ਨੂੰ ਖਾਰਜ ਕੀਤਾ ਹੈ। ਉਹ ਉਹੀ ਕਦਮ ਚੁੱਕਣਗੇ, ਜੋ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਜਾਣਾ ਜ਼ਰੂਰੀ ਸਮਝਦੇ ਹਨ। ਉਹ ਪਹਿਲਾਂ ਹੀ ਆਖ ਚੁੱਕੇ ਹਨ ਕਿ ਬਿੱਲਾਂ ਸਬੰਧੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਬੁਲਾ ਰਹੇ ਹਨ ਪਰ ਸਰਕਾਰ ਨੂੰ ਕਾਹਲੀ ਵਿੱਚ ਕਦਮ ਚੁੱਕਣ ਲਈ ਮਜਬੂਰ ਕਰਨ ਵਾਸਤੇ ਅਲਟੀਮੇਟਮ ਦੇਣਾ ਕੋਈ ਰਸਤਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹੈ ਕਿ ਹਰ ਕੀਮਤ ’ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਬਚਾਉਣਾ ਹੈ ਨਾ ਕਿ ਕਿਸਾਨ

ਜਥੇਬੰਦੀਆਂ ਨੂੰ ਖੁਸ਼ ਕਰਨਾ ਹੈ। ਕੈਪਟਨ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਜਾਂ ਕੈਬਨਿਟ ਮੰਤਰੀਆਂ ਅਤੇ ਕਾਂਗਰਸੀ ਨੇਤਾਵਾਂ ਦੇ ਘਿਰਾਓ ਦੀ ਧਮਕੀ ਕੋਈ ਵੀ ਅਜਿਹਾ ਫ਼ੈਸਲਾ ਲੈਣ ਲਈ ਉਨ੍ਹਾਂ ਨੂੰ ਮਜਬੂਰ ਨਹੀਂ ਕਰ ਸਕਦੀ ਜੋ ਆਖਰ ਵਿੱਚ ਸੂਬੇ ਦੇ ਕਿਸਾਨਾਂ ਲਈ ਘਾਤਕ ਸਿੱਧ ਹੁੰਦਾ ਹੋਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਯੂਨੀਅਨਾਂ ਦੇ ਦਬਾਅ ਜਾਂ ਧਮਕੀਆਂ ਹੇਠ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨਗੇ।

ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਖੇਤੀ ਬਿੱਲਾਂ ’ਤੇ ਅੱਗੇ ਵਧਣ ਲਈ ਇਨ੍ਹਾਂ ਸਾਰੀਆਂ ਜਥੇਬੰਦੀਆਂ ਪਾਸੋਂ ਸੁਝਾਅ ਲਏ ਸਨ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਵਿੱਚ ਕੋਈ ਵੀ ਰੁਕਾਵਟ ਨਾ ਆਉਣ ਦਿੱਤੀ ਜਾਵੇ। ਕਿਸਾਨ ਯੂਨੀਅਨਾਂ ਨੂੰ ਆਪਣੇ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਲੰਘਣ ਦੇਣ ਲਈ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਨਾ ਦੇਣ ਦੇ ਫ਼ੈਸਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿਉਂਕਿ ਆਪਣੇ ਅੰਦੋਲਨ ਵਿੱਚ ਢਿੱਲ ਨਾ ਦੇ ਕੇ ਇਹ ਜਥੇਬੰਦੀਆਂ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਹਿੱਤਾਂ ਨੂੰ ਢਾਹ ਲਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਅਨਾਜ, ਖਾਦ ਅਤੇ ਪੈਟਰੋਲੀਅਮ ਪਦਾਰਥਾਂ ਦੀ ਢੋਆ-ਢੁਆਈ ਕੀਤੇ ਜਾਣ ਦੀ ਫੌਰੀ ਲੋੜ ਹੈ ਅਤੇ ਇਸ ਤੋਂ ਇਲਾਵਾ ਮੰਡੀਆਂ ਵਿੱਚੋਂ ਝੋਨੇ ਦੀ ਫ਼ਸਲ ਵੀ ਚੁੱਕੀ ਜਾਣੀ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਆਪਣੇ ਫ਼ੈਸਲਿਆਂ ਨਾਲ ਕਿਸਾਨਾਂ ਦੇ ਹਿੱਤ ਜੋਖ਼ਮ ਵਿੱਚ ਨਾ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਣਕ ਅਤੇ ਚੌਲ ਦਾ ਮੌਜੂਦਾ ਸਟਾਕ ਗੁਦਾਮਾਂ ਵਿੱਚੋਂ ਨਾ ਚੁੱਕਿਆ ਗਿਆ ਤਾਂ ਅਗਲੀ ਫ਼ਸਲ ਨੂੰ ਭੰਡਾਰ ਕਰਨ ਲਈ ਥਾਂ ਨਹੀਂ ਬਚੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕੋਲੇ ਦਾ ਭੰਡਾਰ ਵੀ ਨਾਜ਼ੁਕ ਸਥਿਤੀ ਵਿੱਚ ਹੈ ਅਤੇ ਜੇਕਰ ਇਸ ਭੰਡਾਰ ਨੂੰ ਛੇਤੀ ਨਾ ਪੂਰਿਆ ਗਿਆ ਤਾਂ ਬਿਜਲੀ ਦੀ ਵੱਡੀ ਘਾਟ ਪੈਦਾ ਹੋਵੇਗੀ ਜਿਸ ਨਾਲ ਕਣਕ ਦੀ ਬਿਜਾਈ ’ਤੇ ਵੀ ਅਸਰ ਪਵੇਗਾ।

ਕੈਪਟਨ ਨੇ ਕਿਹਾ ਕਿ ਖਾਦ ਦਾ ਸਟਾਕ ਵੀ ਬਹੁਤ ਘੱਟ ਰਿਹਾ ਹੈ ਜਿਸ ਨਾਲ ਆਲੂ ਦੀ ਬਿਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ ਨੂੰ ਘੇਰਨ ਨਾਲ ਤੇਲ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ ਜਿਸ ਨਾਲ ਟਰੈਕਟਰਾਂ ਦੀ ਆਵਾਜਾਈ ਅਤੇ ਉਪਜ ’ਤੇ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਇਹ ਫ਼ੈਸਲੇ ਕਿਸਾਨਾਂ ਦੇ ਹਿੱਤਾਂ ਵਿੱਚ ਨਹੀਂ ਹੈ।

Previous articleCops scan 200 CCTV footages, GPS to solve fatal accident case
Next articleਯੋਗੇਂਦਰ ਯਾਦਵ ਸਣੇ ਸੈਂਕੜੇ ਕਿਸਾਨ ਹਿਰਾਸਤ ’ਚ ਲਏ