ਕਿਸਾਨ ਜਥੇਬੰਦੀਆਂ ਵਿਚਾਲੇ ਮੱਤਭੇਦ ਕਾਰਨ ਬਰਨਾਲਾ ਮੀਟਿੰਗ ਰੱਦ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੀਆਂ 31 ਜਥੇਬੰਦੀਆਂ ਦਰਮਿਆਨ ਕਥਿਤ ਮੱਤਭੇਦ ਉਭਰਨ ਲੱਗੇ ਹਨ। ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਅੱਜ ਬਰਨਾਲਾ ਵਿੱਚ ਬੁਲਾਈ ਹੰਗਾਮੀ ਮੀਟਿੰਗ ਦੌਰਾਨ ਅੱਧੀ ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਨਾ ਕੀਤੇ ਜਾਣ ਕਾਰਨ ਮੀਟਿੰਗ ਰੱਦ ਕਰਨੀ ਪਈ ਤੇ ਸਾਰੀਆਂ ਜਥੇਬੰਦੀਆਂ ਨੇ 13 ਅਕਤੂਬਰ ਨੂੰ ਜਲੰਧਰ ਵਿੱਚ ਮੀਟਿੰਗ ਸੱਦ ਲਈ ਹੈ।

ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਤੋਂ ਆਰੰਭਿਆ ਅੰਦੋਲਨ ਜਾਰੀ ਹੈ ਤੇ ਅੱਜ ਉੱਘੀ ਸਮਾਜ ਸੇਵਿਕਾ ਮੇਧਾ ਪਾਟਕਰ ਨੇ ਵੀ ਪੰਜਾਬ ਦੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕੀਤਾ। ਬਰਨਾਲਾ ਵਿੱਚ ਹੋਈ ਮੀਟਿੰਗ ਦੌਰਾਨ ਸ਼ਮੂਲੀਅਤ ਨਾ ਕਰਨ ਵਾਲੀ ਇੱਕ ਜਥੇਬੰਦੀ ਦੇ ਸੀਨੀਅਰ ਆਗੂ ਨੇ ਦਾਅਵਾ ਕੀਤਾ ਕਿ ਅੱਜ ਦੀ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੋਵੇਂ ਕਿਸਾਨ ਸਭਾਵਾਂ ਤੇ ਕੁਝ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਏ। ਇਸ ਆਗੂ ਦਾ ਕਹਿਣਾ ਹੈ ਕਿ 7 ਅਕਤੂਬਰ ਨੂੰ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਜਦੋਂ 15 ਅਕਤੂਬਰ ਨੂੰ ਅਗਲੀ ਮੀਟਿੰਗ ਕਰਨ ਸਬੰਧੀ ਸਰਬਸੰਮਤੀ ਨਾਲ ਫ਼ੈਸਲਾ ਹੋ ਗਿਆ ਸੀ ਤਾਂ 10 ਅਕਤੂਬਰ ਨੂੰ ਅਚਨਚੇਤ ਮੀਟਿੰਗ ਬੁਲਾਏ ਜਾਣ ਦੀ ਕੋਈ ਤੁੱਕ ਨਹੀਂ ਬਣਦੀ।

ਉੱਧਰ ਬਰਨਾਲਾ ਵਿੱਚ ਮੀਟਿੰਗ ਦਾ ਸੱਦਾ ਦੇਣ ਵਾਲੀ ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਮੀਟਿੰਗ ’ਚ ਸ਼ਾਮਲ ਨਾ ਹੋ ਸਕਣ ਕਾਰਨ ਬਰਨਾਲਾ ਵਿੱਚ ਸੱਦੀ ਮੀਟਿੰਗ ਨਹੀਂ ਹੋ ਸਕੀ। ਉਨ੍ਹਾਂ ਇਹ ਵੀ ਕਿਹਾ ਕਿ ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਕਾਰਨ ਹੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰੇਲ ਜਾਮ, ਭਾਜਪਾ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ, ਸ਼ਾਪਿੰਗ ਮਾਲਜ਼,  ਅਡਾਨੀ ਸਾਈਲੋ ਗੋਦਾਮ, 23 ਰਿਲਾਇੰਸ ਪੈਟਰੋਲ ਪੰਪਾਂ, 7 ਐੱਸਆਰ ਪੰਪਾਂ ਅਤੇ 1 ਪ੍ਰਾਈਵੇਟ ਥਰਮਲ ਪਲਾਂਟ ’ਚ ਇਹ ਧਰਨੇ ਦਿਨ-ਰਾਤ ਜਾਰੀ ਹਨ।

Previous articleUK recalls Belarus envoy amid unrest
Next articleMaduro writes to ‘peoples of the world’ denouncing US sanctions