ਕਿਸਾਨ ਜਥੇਬੰਦੀਆਂ ਵੱਲੋਂ ਸਰ ਛੋਟੂਰਾਮ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ (ਸਮਾਜ ਵੀਕਲੀ)  : ਕਿਸਾਨਾਂ ਦੇ ਹੱਕਾਂ ਲਈ ਆਪਣਾ ਸਾਰਾ ਜੀਵਨ ਦਾਅ ’ਤੇ ਲਗਾਉਣ ਵਾਲੇ ਸਰ ਛੋਟੂ ਰਾਮ ਦੇ ਜਨਮ ਦਿਹਾੜੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਉਨ੍ਹਾਂ ਦੀ ਜਨਮ ਭੂਮੀ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਪਿੰਡ ਗੜ੍ਹੀ ਸਾਂਪਲਾ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਨ੍ਹਾਂ ਕਿਸਾਨਾਂ ਦੀ ਲੜਾਈ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਵੱਲੋਂ ਕੌਮੀ ਰਾਜਧਾਨੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਸਹੁੰ ਖਾਧੀ ਗਈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਧਰਮ ਅਤੇ ਜਾਤ ਦੇ ਨਾਮ ’ਤੇ ਫੁੱਟ ਪਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਮੌਜੂਦਾ ਸਮੇਂ ਵਿੱਚ ਹਰ ਕਿਸੇ ਨੂੰ ਕਿਸਾਨਾਂ ਵਿੱਚ ਫੁੱਟ ਪਾਉਣ ਵਾਲਿਆਂ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰ ਛੋਟੂ ਰਾਮ ਨੇ ਸਾਰੀ ਜ਼ਿੰਦਗੀ ਕਿਸਾਨਾਂ ਦੀ ਆਵਾਜ਼ ਨੂੰ ਚੁੱਕਿਆ ਤੇ ਨੌਂ ਕਾਨੂੰਨ ਤਿਆਰ ਕਰਵਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਫ਼ੈਸਲੇ ਦਿੱਲੀ ਵਿੱਚ ਬੈਠ ਕੇ ਲਏ ਜਾ ਰਹੇ ਹਨ ਜਿੱਥੇ ਨਾ ਖੇਤੀਬਾੜੀ ਨਾਲ ਸਬੰਧਤ ਕੋਈ ਮੰਤਰਾਲਾ ਹੈ ਤੇ ਨਾ ਕੋਈ ਮੰਤਰੀ ਜਦਕਿ ਇੱਥੇ ਵਪਾਰੀਆਂ ਨੂੰ ਲਾਭ ਦੇਣ ਵਾਲੇ ਕਾਨੂੰਨ ਤਿਆਰ ਕੀਤੇ ਜਾ ਰਹੇ ਹਨ।

ਸ੍ਰੀ ਟਿਕੈਤ ਨੇ ਕਿਹਾ ਕਿ ਦੇਸ਼ ਵਿੱਚ ਭੁੱਖ ’ਤੇ ਵਪਾਰ ਕਰਨ ਵਾਲੇ ਅੱਗੇ ਆ ਰਹੇ ਹਨ। ਜੇਕਰ ਦੇਸ਼ ਦਾ ਅਨਾਜ ਅਤੇ ਰੋਟੀ ਤਿਜੋਰੀ ਵਿੱਚ ਬੰਦ ਹੋ ਜਾਵੇਗੀ ਤਾਂ ਆਦਮੀ ਹੀ ਨਹੀਂ ਜਾਨਵਰ ਵੀ ਭੁੱਖਾ ਮਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਿਸਮਤ ਦਾ ਫ਼ੈਸਲਾ ਕਿਸਾਨ ਸੰਘਰਸ਼ ਅਤੇ ਕਿਸਾਨ ਪੰਚਾਇਤਾਂ ਕਰਨਗੀਆਂ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੁਜਰਾਤ, ਬੰਗਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗਾ। ਕਿਸਾਨ ਆਗੂ ਨੇ ਕਿਹਾ ਕਿ ਤੇਲ ਦਾ ਮੁੱਲ ਵਧਣ ਨਾਲ ਮਹਿੰਗਾਈ ਵਿੱਚ ਵਾਧਾ ਹੋਇਆ ਹੈ ਜਿਸ ਦਾ ਹਰ ਵਰਗ ’ਤੇ ਅਸਰ ਪਵੇਗਾ।

ਇਸੇ ਤਰ੍ਹਾਂ ਸਰ ਛੋਟੂ ਰਾਮ ਦਾ ਜਨਮ ਦਿਹਾੜਾ ਹਰਿਆਣਾ ਵਿੱਚ ਵੱਖ-ਵੱਖ ਥਾਵਾਂ ’ਤੇ ਮਨਾਇਆ ਗਿਆ। ਕਿਸਾਨਾਂ ਨੇ ਸਰ ਛੋਟੂ ਰਾਮ ਨੂੰ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਸਿਰਸਾ ਵਿੱਚ ਨੌਜਵਾਨਾਂ ਨੇ ਮੋਟਰਸਾਈਕਲ ਮਾਰਚ ਕੱਢਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ।

Previous articleਨਗਰ ਕੌਂਸਲ ਚੋਣਾਂ ਦੇ ਨਤੀਜੇ ਅੱਜ
Next articleਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ ਖੇਤੀ ਕਾਨੂੰਨਾਂ ਦਾ ਲਾਭ: ਮੋਦੀ