ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਈਡੀ ਜਾਂ ਕਿਸੇ ਹੋਰ ਏਜੰਸੀ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਨੇ ਕੇਸ ਬਣਾਏ ਸਨ, ਜਿਸ ਕਰਕੇ ਉਹ 13 ਵਰ੍ਹੇ ਅਦਾਲਤਾਂ ਦੇ ਚੱਕਰ ਕੱਟਦੇ ਰਹੇ ਹਨ। ਉਨ੍ਹਾਂ ਨੂੰ ਈਡੀ ਦੀ ਕੋਈ ਪ੍ਰਵਾਹ ਨਹੀਂ ਅਤੇ ਉਹ 13 ਸਾਲ ਹੋਰ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦੇ ਹਨ। ਮੁੱਖ ਮੰਤਰੀ ਨੇ ਅੱਜ ਸ਼ਾਮ ਫੇਸਬੁੱਕ ਲਾਈਵ ਪ੍ਰੋਗਰਾਮ ’ਚ ਸਾਬਕਾ ਮੰਤਰੀ ਹਰਸਿਮਰਤ ਕੌਰ ਵੱਲੋਂ ਲਗਾਏ ਦੋਸ਼ਾਂ ਕਿ ਮੁੱਖ ਮੰਤਰੀ ਈਡੀ ਦੇ ਦਬਾਅ ਹੇਠ ਹਨ, ਦੇ ਜੁਆਬ ਵਿੱਚ ਕਿਹਾ ਕਿ ਵਿਰੋਧੀ ਧਿਰਾਂ ਕਿਸਾਨੀ ਮਸਲੇ ਨੂੰ ਆਪਣੇ ਸਿਆਸਤ ਲਈ ਨਾ ਵਰਤਣ।
ਉਨ੍ਹਾਂ ਕਿਹਾ ਕਿ ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ। ਉਨ੍ਹਾਂ ਅਕਾਲੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਝੂਠ ਬੋਲਣਾ ਬੰਦ ਕਰ ਕੇ ਸੱਚ ਕਹਿਣ ਕਿਉਂਕਿ ਲੋਕ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਨਾਲ ਮੋਢਾ ਲਾ ਕੇ ਖੜ੍ਹੀ ਹੈ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਪਾਰਟੀਆਂ ਦੇ ਸਾਰੇ ਆਗੂਆਂ ਨੂੰ ਝਾੜ ਪਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਿਸਾਨਾਂ ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਇਹ ਕਹਿ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ’ਚ ਪਾਸ ਸੋਧ ਬਿੱਲ ਕਿਸਾਨੀ ਮਸਲੇ ਦੀ ਪੇਚੀਦਗੀ ਨੂੰ ਹੱਲ ਕਰਨ ਦਾ ਸੌਖਾ ਤਰੀਕਾ ਹਨ ਕਿਉਂਕਿ ਇਹ ਸੂਬੇ ਦੇ ਭਵਿੱਖ ਦਾ ਨਿਚੋੜ ਹਨ। ਉਨ੍ਹਾਂ ਇਹ ਬਿੱਲ ਰਾਸ਼ਟਰਪਤੀ ਦੁਆਰਾ ਮਨਜ਼ੂਰ ਕਰਵਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਇਸ ਮੁੱਦੇ ਉਤੇ ਜਨਤਕ ਤੌਰ ’ਤੇ ਪਲਟੀ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿੱਚ ਸ਼ਾਮਲ ਸੀ, ਜਿਸ ਦੌਰਾਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵੱਲੋਂ ਕੌਮੀ ਸੁਰੱਖਿਆ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਭੰਡਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ਼ ਤੌਰ ਉਤੇ ਪਾਕਿਸਤਾਨ ਦੇ ਸਬੰਧ ਵਿੱਚ ਦਿੱਤਾ ਗਿਆ ਸੀ ਅਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਮੇ ਸਮੇਂ ਤੱਕ ਚੱਲਣ ਦੇ ਖ਼ਤਰਿਆਂ ਤੋਂ ਜਾਣੂ ਕਰਵਾਉਣ। ਮੁੱਖ ਮੰਤਰੀ ਨੇ ਕਿਸਾਨਾਂ ਦੇ ਧਰਨਿਆਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਰਿਆਣਾ ਅਤੇ ਦਿੱਲੀ ਦੇ ਆਪਣੇ ਹਮਰੁਤਬਾ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ, ‘‘ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ।’’ ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਵਾਲਾ ਵਿਅਕਤੀ ਗਰਦਾਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪਹਿਲਾਂ ਇਹ ਦੱਸੇ ਕਿ ਕਿਉਂ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕਰ ਦਿੱਤਾ ਸੀ।