ਕਿਸੇ ਸਿੱਖ ਦੀ ਗ੍ਰਿਫ਼ਤਾਰੀ ਨਹੀਂ ਹੋਣ ਦਿਆਂਗੇ: ਹਰਪ੍ਰੀਤ ਸਿੰਘ

ਤਲਵੰਡੀ ਸਾਬੋ– ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿੱਚ ਨਗਰ ਕੀਰਤਨ ਸਜਾਉਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਯੂਪੀ ਸਰਕਾਰ ਵੱਲੋਂ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕਰਦਿਆਂ ਇਸ ਨੂੰ ਸਿੱਖਾਂ ਦੀ ਅਜ਼ਾਦੀ ’ਤੇ ਉੱਤਰ ਪ੍ਰਦੇਸ਼ ਸਰਕਾਰ ਦਾ ਹਮਲਾ ਦੱਸਿਆ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਪੈਰਵੀ ਕਰਨ ਦੇ ਆਦੇਸ਼ ਦਿੱਤੇ ਹਨ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਆਹ ਤੇ ਧਾਰਮਿਕ ਸਮਾਗਮਾਂ ਨੂੰ ਧਾਰਾ 144 ਤੋਂ ਬਾਹਰ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਨੂੰ ਰੋਕਣ ਦਾ ਯਤਨ ਕਰਨਾ ਸਰਕਾਰ ਵੱਲੋਂ ਮੰਦਭਾਗਾ ਹੈ, ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨਾ ਯੂਪੀ ਸਰਕਾਰ ਦਾ ਘਿਨਾਉਣਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ’ਤੇ ਮੁੜ ਵਿਚਾਰ ਕਰਕੇ ਸਿੱਖ ਸੰਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਰਜ ਕੇਸ ਵਿੱਚ ਸਿੱਖਾਂ ਦੀ ਗ੍ਰਿਫ਼ਤਾਰੀ ਕਿਸੇ ਕੀਮਤ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ।

Previous articleਬਠਿੰਡਾ ਦੇ ਵਿਕਾਸ ਲਈ ਖੁੱਲ੍ਹੀ ਪਟਾਰੀ
Next articleਪਹਾੜ ਤੋਂ ਡਿੱਗਣ ਕਾਰਨ ਭਾਰਤੀ ਪਰਬਤਾਰੋਹੀ ਜ਼ਖ਼ਮੀ