ਜੰਮੂ (ਸਮਾਜਵੀਕਲੀ): ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜ਼ਾਦੂਰਾ ਨਿਪੋਰਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ , ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਆਰੰਭ ਦਿੱਤੀ।
ਇਸੇ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਦੋ ਦਹਿਸ਼ਤਗਰਦ ਮਾਰੇ ਗਏੇ। ਇਸੇ ਦੌਰਾਨ ਸ਼ੋਪੀਆਂ ਦੇ ਮਲਡੂਰਾ ਜੈਨਪੋਰਾ ਇਲਾਕੇ ਵਿੱਚ ਇਕ ਬਾਗ ਨੇੜੇ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਦੀ ਗਸ਼ਤ ਕਰ ਰਹੀ ਟੀਮ ’ਤੇ ਗੋਲੀਬਾਰੀ ਕੀਤੀ।
ਫਿਲਹਾਲ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲ ਲਿਆ ਹੈ ਤੇ ਮੁਕਾਬਲਾ ਜਾਰੀ ਹੈ। ਦੋਵਾਂ ਵੱਲੋਂ ਰੁਕ-ਰੁਕ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।
ਕੁਲਗਾਮ ਮੁਕਾਬਲੇ ਵਿੱਚ ਮਾਰੇ ਗਏ ਦਹਿਸ਼ਤਗਰਦਾਂ ਦੀ ਪਛਾਣ ਨਦੀਮ ਅਹਿਮ ਭਟ ਅਤੇ ਉਮਰ ਅਹਿਮਦ ਭਟ ਵਜੋਂ ਹੋਈ ਹੈ। ਦੋਵੇਂ ਸਥਾਨਕ ਨੌਜਵਾਨ ਦੱਸੇ ਜਾ ਰਹੇ ਹਨ। ਸੂਤਰਾਂ ਅਨੁਸਾਰ ਇਹ ਦੋਵੇਂ ਨੌਜਵਾਨ ਦੋ ਹਫ਼ਤੇ ਪਹਿਲਾਂ ਹੀ ਹਿਜ਼ਬੁਲ ਮੁਜਾਹਿਦੀਨ ਸੰਗਠਨ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਪੁਲੀਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।