ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਹਾਲਾਤ ਨੂੰ ਦੇਖਦਿਆਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਲਈ 3 ਦਸੰਬਰ ਤੋਂ ਪਹਿਲਾਂ ਹੀ ਗੱਲਬਾਤ ਸ਼ੁਰੂ ਕਰੇ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਲਈ ਅੱਗੇ ਵਧਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲ੍ਹਾਕਾਰੀ ਕਦਮ ਮਗਰੋਂ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਵਾਲੀ ਪਹੁੰਚ ’ਤੇ ਉਤਾਰੂ ਹੈ। ਉਨ੍ਹਾਂ ਭੋਲੇ-ਭਾਲੇ ਅਤੇ ਸ਼ਾਂਤਮਈ ਕਿਸਾਨਾਂ ਨਾਲ ਹਰਿਆਣਾ ਸਰਕਾਰ ਦੇ ਵਰਤਾਅ ਦੇ ਢੰਗ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦਿਆਂ ਵਰਤੇ ਗਏ ਢੰਗ ਤਰੀਕਿਆਂ ’ਤੇ ਵੀ ਹੈਰਾਨੀ ਜ਼ਾਹਰ ਕੀਤੀ। ਅਮਰਿੰਦਰ ਸਿੰਘ ਨੇ ਕਿਹਾ ਕਿ ਠੰਢ ਦੇ ਇਸ ਮੌਸਮ ਵਿੱਚ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਬਾਵਜੂਦ ਕਿਸਾਨ ਭੜਕਾਹਟ ਵਿੱਚ ਨਹੀਂ ਆਏ।