ਚੰਡੀਗੜ੍ਹ (ਸਮਾਜਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੇਲ ਕੀਮਤਾਂ ਵਿੱਚ ਕਟੌਤੀ ਕਰਨ ਤੇ ਇਸ ਨੇ ਕਾਂਗਰਸ ਸਰਕਾਰ ਨੂੰ ਇਹ ਵੀ ਆਖਿਆ ਕਿ ਘਨੌਰ ਦੀ ਨਾਜਾਇਜ਼ ਡਿਸਟਿਲਰੀ ਦੇ ਵੇਰਵੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਸਾਂਝੇ ਕੀਤੇ ਜਾਣ। ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਪਰਿਵਾਰ ਦੇ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਦੋਸ਼ੀ ਸਾਬਤ ਹੋਣ ’ਤੇ ਉਨ੍ਹਾਂ ਨੂੰ ਸੂਬਾ ਮੰਤਰੀ ਮੰਡਲ ਵਿਚੋਂ ਕੱਢਿਆ ਜਾਵੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਇੰਡਸਟਰੀ, ਵਪਾਰ ਤੇ ਆਮ ਆਦਮੀ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਕੀਮਤਾਂ ਵਿਚ ਕਟੌਤੀ ਕਰ ਕੇ ਲੋਕਾਂ ਨੂੰ ਰਾਹਤ ਦੇਣ ’ਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਲੋਕਾਂ ਦੀ ਹਾਲਤ ਨੂੰ ਸਮਝਣਾ ਚਾਹੀਦਾ ਹੈ ਤੇ ਪੈਟਰੋਲ ’ਤੇ 3.20 ਰੁਪਏ ਅਤੇ ਡੀਜ਼ਲ ’ਤੇ 2.53 ਰੁਪਏ ਦੇ ਵੈਟ ਦੇ ਵਾਧੇ ਨੂੰ ਵਾਪਸ ਲੈਣਾ ਚਾਹੀਦਾ ਹੈ।
ਕੋਰ ਕਮੇਟੀ ਮੈਂਬਰਾਂ ਨੇ ਇਸ ਗੱਲ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਕਿ ਸੂਬੇ ਦੀ ਪੁਲੀਸ ਘਨੌਰ ਨਾਜਾਇਜ਼ ਸ਼ਰਾਬ ਮਾਮਲੇ ਦੀਆਂ ਫਾਈਲਾਂ ਈਡੀ ਨੂੰ ਨਹੀਂ ਦੇ ਰਹੀ ਜਦਕਿ ਇਸ ਬਾਰੇ ਏਜੰਸੀ ਵੱਲੋਂ ਵਾਰ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ। ਕਮੇਟੀ ਨੇ ਮੰਗ ਕੀਤੀ ਕਿ ਕੇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਮੁਲਜ਼ਮਾਂ ਨੂੰ ਦਿੱਤੀ ਗਈ ਗਈ ਸਿਆਸੀ ਸ਼ਰਨ ਸਮੇਤ ਸਾਰੇ ਵੇਰਵੇ ਤੁਰੰਤ ਈਡੀ ਨਾਲ ਸਾਂਝੇ ਕੀਤੇ ਜਾਣ।
ਬਠਿੰਡਾ ਥਰਮਲ ਪਲਾਂਟ ਦੀ ਗੱਲ ਕਰਦਿਆਂ ਅਕਾਲੀ ਦਲ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਇਸ ਨੂੰ ਚਲਾਉਣ ਦਾ ਵਾਅਦਾ ਕੀਤਾ ਸੀ ਜਦਕਿ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੇ ਹੀ ਇਸ ਨੂੰ ਬੰਦ ਕਰਨ ਵਿਚ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਇਸ ਦੀ 1764 ਏਕੜ ਜ਼ਮੀਨ ਨਿਲਾਮ ਕਰਨ ਦੇ ਫ਼ੈਸਲਾ ਦੀ ਨਿਖੇਧੀ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਕਮੇਟੀ ਨੇ ਸਰਕਾਰ ਵੱਲੋਂ ਨਗਰ ਨਿਗਮਾਂ ਦੇ ਕਮਿਸ਼ਨਰ ਨਿਯੁਕਤ ਹੋਣ ਵਾਲੇ ਆਈਏਐੱਸ ਅਫਸਰਾਂ ਦੀ ਸਾਲਾਨਾ ਏਸੀਆਰ ਲਿਖਣ ਦੇ ਅਧਿਕਾਰ ਮੇਅਰਾਂ ਕੋਲੋਂ ਵਾਪਸ ਲੈਣ ਦੇ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਮੇਅਰ ਲੋਕਾਂ ਨੂੰ ਜਵਾਬਦੇਹ ਹਨ ਅਤੇ ਉਨ੍ਹਾਂ ਦੀਆਂ ਤਾਕਤਾਂ ਘਟਾ ਕੇ ਉਨ੍ਹਾਂ ਨੂੰ ਸਿਰਫ ਰਬੜ ਦੀਆਂ ਮੋਹਰਾਂ ਬਣਾਉਣ ਦੀ ਥਾਂ ਉਨ੍ਹਾਂ ਦੀਆਂ ਸ਼ਕਤੀਆਂ ਵਧਾਈਆਂ ਜਾਣੀਆਂ ਚਾਹੀਦੀਆਂ ਹਨ।