ਬਠਿੰਡਾ/ਲੰਬੀ (ਸਮਾਜ ਵੀਕਲੀ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਤੀਰੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਸ਼ਰਮਸਾਰ ਕਰਨ ਵਾਸਤੇ ਦਿੱਲੀ ਬੁਲਾਇਆ।
ਆਪਣੇ ਹੱਕਾਂ ਲਈ ਤਿੰਨ ਮਹੀਨਿਆਂ ਤੋਂ ਸੜਕਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਰਪੇਸ਼ ਔਕੜਾਂ ਦਾ ਜੇ ਕੇਂਦਰ ਸਰਕਾਰ ਕੋਲ ਕੋਈ ਹੱਲ ਨਹੀਂ ਸੀ ਤਾਂ ਉਨ੍ਹਾਂ ਨੂੰ ਦਿੱਲੀ ਨਹੀਂ ਬੁਲਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਬੈਠਕ ਛੱਡਣ ਲਈ ਕਿਸਾਨ ਆਗੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਨਵੇਂ ਕਾਨੂੰਨ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੀ ਨੀਅਤ ਅਤੇ ਨੀਤੀ ਦੋਵੇਂ ਜੱਗ ਜ਼ਾਹਰ ਹੋ ਗਈਆਂ ਹਨ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਕਿਸਾਨ ਪੱਖੀ ਪਾਰਟੀਆਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀ ਗੱਲ ਸੁਣਨਗੇ ਪਰ ਪ੍ਰਧਾਨ ਮੰਤਰੀ ਤਾਂ ਕੀ ਖੇਤੀ ਮੰਤਰੀ ਵੀ ਕਿਸਾਨਾਂ ਦੀ ਗੱਲ ਸੁਣਨ ਨਹੀਂ ਪੁੱਜੇ। ਬੀਬੀ ਬਾਦਲ ਨੇ ਕਿਹਾ ਕਿ ਦੇਸ਼ ਵਿਚ ਕਿਸਾਨੀ ਦਾ ਵਜੂਦ ਬਚਾਉਣ ਲਈ ਕਿਸਾਨ ਪੱਖੀ ਪਾਰਟੀਆਂ ਨੂੰ ਇਕੱਠੇ ਹੋ ਕੇ ਕਿਸਾਨ ਵਿਰੋਧੀ ਪਾਰਟੀਆਂ ਨੂੰ ਬੇਨਕਾਬ ਕਰਨਾ ਪਵੇਗਾ।