ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਕੇਂਦਰ ਦੀ ਐੱਨਡੀਏ ਸਰਕਾਰ ਦੀ ‘ਕਿਸਾਨ ਮਾਰੂ-ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਵਿਚ ਭਾਈਵਾਲ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦੀ ਸ਼ੁਰੂਆਤ ਮੌਕੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਪੰਜਾਬ ਨੂੰ ਤਬਾਹ ਕਰਨ ’ਤੇ ਤੁਲੇ ਹੋਏ ਹਨ। ਕੈਪਟਨ ਨੇ ਮੁੜ ਚਿਤਾਵਨੀ ਦਿੱਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿੱਚ ਰੋਹ ਦੀ ਭਾਵਨਾ ਪੈਦਾ ਕਰਨਗੇ ਜਿਸ ਨਾਲ ਪਾਕਿਸਤਾਨ ਨੂੰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਊਨ੍ਹਾਂ ਕਿਹਾ,‘‘ਇਹ ਕਿਸਾਨ ਵਿਰੋਧੀ ਕਦਮ ਪੰਜਾਬ ਦੀ ਆਬੋ-ਹਵਾ ਨੂੰ ਖਰਾਬ ਕਰੇਗਾ। ਇਹ ਕਾਨੂੰਨ ਮੁਲਕ ਦੀ ਅੰਨ ਸੁਰੱਖਿਆ ਲਈ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਵੱਲੋਂ 65 ਸਾਲਾਂ ਵਿੱਚ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿੱਚ ਮਿਲਾ ਦੇਣਗੇ।’’
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸੌੜੀ ਸਿਆਸਤ ਲਈ ਸੂਬਾ ਸਰਕਾਰ ਨਾਲ ਇਨ੍ਹਾਂ ਮੁੱਦਿਆਂ ’ਤੇ ਖੜਨ ਵਿਚ ਨਾਕਾਮ ਰਿਹਾ ਹੈ। ਊਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਆਖਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐੱਫਸੀਆਈ ਦਾ ਅੰਤ ਕਰਨ ਦਾ ਰਾਹ ਪੱਧਰਾ ਕਰਨਗੇ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਜਾਵੇਗਾ।
ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕਰਨ ਬਾਰੇ ਕੇਂਦਰ ਵੱਲੋਂ ਦਿੱਤੀ ਗਈ ਗਾਰੰਟੀ ਨੂੰ ਰੱਦ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਸੰਵਿਧਾਨਕ ਗਾਰੰਟੀ ਸੰਸਦ ਵੱਲੋਂ ਦਿੱਤੀ ਗਈ ਸੀ ਜਿਸ ਨੂੰ ਕੇਂਦਰ ਦੀ ਮੌਜੂਦਾ ਸਰਕਾਰ ਵੱਲੋਂ ਬਹੁਮਤ ਦੀ ਧੌਂਸ ਵਿੱਚ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੱਕੀ ਵਰਗੀਆਂ ਫਸਲਾਂ ’ਤੇ ਪਹਿਲਾਂ ਹੀ ਐਲਾਨਿਆ ਜਾ ਚੁੱਕਾ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਝੂਠੇ ਤੇ ਗੁਮਰਾਹਕੁਨ ਦਾਅਵਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਅਜਿਹੇ ਗੰਭੀਰ ਮੁੱਦਿਆਂ ’ਤੇ ਝੂਠ ਨਹੀਂ ਬੋਲਣਾ ਚਾਹੀਦਾ ਹੈ ਕਿਉਂਕਿ ਅਜਿਹੇ ਮਸਲੇ ਆਉਣ ਵਾਲੀਆਂ ਪੀੜ੍ਹੀਆਂ ਲਈ ਡੂੰਘੇ ਅਰਥ ਰੱਖਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਪੰਜਾਬ ਦੀਆਂ ਸਿਰਫ਼ 13 ਸੀਟਾਂ ਹਨ ਅਤੇ ਕਾਂਗਰਸ ਦੀ ਆਵਾਜ਼ ਦਬਾ ਕੇ ਕੇਂਦਰ ਸਰਕਾਰ ਨੇ ਬਹੁਮਤ ਦੀ ਧੌਂਸ ਨਾਲ ਇਹ ਖਤਰਨਾਕ ਅਤੇ ਕਿਸਾਨ ਵਿਰੋਧੀ ਬਿੱਲ ਪਾਸ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਐੱਨਡੀਏ ਅਤੇ ਇਸ ਦੇ ਭਾਈਵਾਲਾਂ ਵੱਲੋਂ ਮੁਲਕ ਦੇ ਕੀਤੇ ਨੁਕਸਾਨ ਲਈ ਕਦੇ ਵੀ ਮੁਆਫ਼ ਨਹੀਂ ਕਰਨਗੀਆਂ।
ਹਰਸਿਮਰਤ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ਾ ਦੇਣ ਮੌਕੇ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਬਿਆਨ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਜਦੋਂ ਕੇਂਦਰ ਨੇ ਆਰਡੀਨੈਂਸ ਲਿਆਂਦੇ ਸਨ ਤਾਂ ਉਹ ਕਿਸਾਨ ਭਰਾਵਾਂ ਨੂੰ ਕਿਉਂ ਭੁੱਲ ਗਈ ਸੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਸ਼ੁਰੂ ਤੋਂ ਹੀ ਸੂਬਾ ਸਰਕਾਰ ਨਾਲ ਖੜ੍ਹਾ ਹੁੰਦਾ ਅਤੇ ਆਪਣੇ ਭਾਈਵਾਲ ਭਾਜਪਾ ਉਤੇ ਦਬਾਅ ਬਣਾਉਂਦਾ ਤਾਂ ਸ਼ਾਇਦ ਮੌਜੂਦਾ ਸਥਿਤੀ ਪੈਦਾ ਨਾ ਹੁੰਦੀ। ਜ਼ਿਕਰਯੋਗ ਹੈ ਕਿ ਇਹ ਕਿਸਾਨ ਮੇਲਾ ਆਨਲਾਈਨ ਸੰਪਰਕ ਨਾਲ 100 ਥਾਵਾਂ ’ਤੇ ਹੋਇਆ ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਿਸਾਨਾਂ ਅਤੇ ਹੋਰਾਂ ਨੇ ਸ਼ਿਰਕਤ ਕੀਤੀ।