ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਉਧਰ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਦਾ ਸੁਖਾਵਾਂ ਹੱਲ ਕੱਢਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਭਾਜਪਾ ਆਗੂ ਨੇ ਦੱਸਿਆ ਕਿ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਡਾ. ਦਰਸ਼ਨ ਪਾਲ ਨਾਲ ਗੱਲਬਾਤ ਮਗਰੋਂ ਹੀ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਮੀਟਿੰਗ ਤੈਅ ਕੀਤੀ ਗਈ ਹੈ।

ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਿਵਾਸ ’ਤੇ ਹੋਵੇਗੀ। ਇਸ ਮੀਟਿੰਗ ’ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਕਾਂਗਰਸ ਸ਼ਹਿ ਦੇ ਰਹੀ ਹੈ ਪਰ ਭਾਜਪਾ ਅਤੇ ਕੇਂਦਰ ਸਰਕਾਰ ਕਾਂਗਰਸ ਦੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਨਾਲ ਪਹਿਲਾਂ ਕੇਂਦਰੀ ਖੇਤੀਬਾੜੀ ਸਕੱਤਰ ਵੱਲੋਂ ਮੀਟਿੰਗ ਕੀਤੀ ਗਈ ਸੀ ਪਰ ਮੀਟਿੰਗ ਅਸਫ਼ਲ ਰਹਿਣ ਮਗਰੋਂ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਸੀ। ਭਾਜਪਾ ਦੇ ਕੁਝ ਆਗੂਆਂ ਨੇ ਐਤਵਾਰ ਨੂੰ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ ਕਿਸਾਨ ਅੰਦੋਲਨ ਦਾ ਹੱਲ ਕੱਢਣ ਅਤੇ ਸੂਬੇ ਵਿੱਚ ਭਾਜਪਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕੀਤੀ ਸੀ।

ਊਧਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਵਿੱਢਿਆ ਸੰਘਰਸ਼ ਅੱਜ 48ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸੂਬੇ ਵਿੱਚ 100 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਧਰਨੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲ ਪਟੜੀਆਂ ਖਾਲੀ ਕੀਤੇ ਜਾਣ ਤੋਂ ਬਾਅਦ ਵੀ ਰੇਲਾਂ ਹਾਲ ਦੀ ਘੜੀ ਚੱਲਣੀਆਂ ਸ਼ੁਰੂ ਨਹੀਂ ਹੋਈਆਂ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਮਾਰਚ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੀ ਆਵਾਜ਼ ਦਿੱਲੀ ਤੱਕ ਪਹੁੰਚਾਈ ਜਾ ਸਕੇ।

ਊਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਉਲੀਕਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੈਂਕੜਬਾਜ਼ੀ ਵਾਲਾ ਰਵੱਈਆ ਤਿਆਗ ਕੇ ਮਾਲ ਗੱਡੀਆਂ ਚਲਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਯੂਨੀਅਨ ਦੀ ਅਗਵਾਈ ਹੇਠ ਸੂਬੇ ਅੰਦਰ ਤਕਰੀਬਨ 50 ਥਾਵਾਂ ’ਤੇ ਧਰਨੇ-ਪ੍ਰਦਰਸ਼ਨ ਚੱਲ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਨੂੰ ਮਾਲ ਗੱਡੀਆਂ ਚਲਾ ਦੇਣੀਆਂ ਚਾਹੀਦੀਆਂ ਹਨ।

Previous articleCovid recoveries cross 8-lakh mark in Karnataka
Next articlePre-wedding photo shoot turns tragic as couple drowns in Mysuru