ਕੇਰਲਾ ’ਚ ਰਾਹਤ ਕਾਰਜ ਜਾਰੀ ਰੱਖੇਗੀ ਸ਼੍ਰੋਮਣੀ ਕਮੇਟੀ: ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਇਸ ਨੂੰ ਵੰਡਾਉਣ ਲਈ ਸਮੁੱਚਾ ਸਿੱਖ ਜਗਤ ਕੇਰਲਾ ਵਾਸੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਵਿਸ਼ੇਸ਼ ਟੀਮ ਰਾਹਤ ਕਾਰਜ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਸੇਵਾਵਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਕੇਰਲਾ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਮੁੱਖ ਰਾਹਤ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨਾਲ ਨਿਪਟਣ ਲਈ ਮੈਡੀਕਲ ਸੇਵਾਵਾਂ ਵੀ ਵਿਸ਼ੇਸ਼ ਤੌਰ ’ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਕੇਰਲਾ ਵਿੱਚ ਹਾਲਾਤ ਆਮ ਹੋਣ ਤੱਕ ਰਾਹਤ ਸੇਵਾਵਾਂ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਭੇਜੀ ਗਈ ਰਾਹਤ ਸਮੱਗਰੀ ਵਿੱਚ ਵਾਧਾ ਕਰਦਿਆਂ ਅੱਜ ਕੁਝ ਹੋਰ ਸਾਮਾਨ ਭੇਜਿਆ ਗਿਆ ਹੈ। ਇਸ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਿਸਤਰੇ, ਦਰੀਆਂ ਤੇ ਤਰਪਾਲਾਂ ਆਦਿ ਤੋਂ ਇਲਾਵਾ ਰਾਸ਼ਨ ਵੀ ਭੇਜਿਆ ਗਿਆ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਣੇ ਹੋਰ ਅਧਿਕਾਰੀ ਮੌਜੂਦ ਸਨ।

Previous articleਹਥਿਆਰਬੰਦ ਵਿਅਕਤੀਆਂ ਵੱਲੋਂ ਘਰ ’ਤੇ ਹਮਲਾ; ਮਾਲਕ ਜ਼ਖ਼ਮੀ
Next articleਸੰਨ੍ਹਮਾਰ ਗਰੋਹ ਦੇ ਤਿੰਨ ਮੈਂਬਰ ਤੇ ਸੁਨਿਆਰਾ ਗ੍ਰਿਫ਼ਤਾਰ