ਸਿਡਨੀ (ਸਮਾਜ ਵੀਕਲੀ) : ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਕੇਂਦਰੀ ਸੰਸਦ ਦੇ ਸਦਨ ਵਿਚ ਕਿਸਾਨ ਅੰਦੋਲਨ ਦਾ ਮੁੱਦਾ ਗੂੰਜਿਆ ਅਤੇ ਭਾਰਤੀ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਗਿਆ।
ਸਿਡਨੀ ਦੇ ਗ੍ਰੀਨਵੇਅ ਹਲਕੇ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਮਿਸ਼ੈਲ ਰੋਲੈਂਡ ਨੇ ਸਪੀਕਰ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਉਸ ਨੂੰ ਹਲਕੇ ਦੇ ਲੋਕਾਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਖੇਤੀਬਾੜੀ ਸੈਕਟਰ ਵਿਚ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਸਖ਼ਤ ਕਾਨੂੰਨੀ ਤਬਦੀਲੀਆਂ ਕੀਤੀਆਂ ਹਨ। ਖੇਤੀ ਨਾਲ ਜੁੜੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤ ਦਰਕਿਨਾਰ ਕੀਤੇ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਮ ਹੋ ਜਾਵੇਗੀ। ਦੱਸਣਯੋਗ ਹੈ ਕਿ ਗ੍ਰੀਨਵੇਅ ਖੇਤਰ ਭਾਰਤੀ ਪੰਜਾਬੀਆਂ ਦੀ ਵਸੋਂ ਵਾਲਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਹੁਣ ਇਹ ਮੁੱਦਾ ਸੰਵੇਦਨਸ਼ੀਲ ਬਣ ਗਿਆ ਹੈ। ਭਾਰਤ ਵਿੱਚ ਕਿਸਾਨਾਂ ਵਲੋਂ ਵਿਆਪਕ ਹੜਤਾਲਾਂ ਕੀਤੀਆ ਜਾ ਰਹੀਆਂ ਹਨ ਅਤੇ ਰਾਜਧਾਨੀ ਦਿੱਲੀ ਦੀ ਘੇਰਾਬੰਦੀ ਕੀਤੀ ਹੋਈ ਹੈ। ਲੋਕ ਸੜਕਾਂ ਉੱਤੇ ਆਏ ਹਨ। ਆਸਟਰੇਲੀਆ ਵਿਚ ਵਸਦੇ ਭਾਰਤੀ ਲੋਕਾਂ ਵਿਚ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਬੇਚੈਨੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ’ਤੇ ਭਾਰਤੀ ਹਾਈ ਕਮਿਸ਼ਨਰ ਨਾਲ ਵਿਚਾਰ ਕੀਤਾ ਹੈ। ਉਨ੍ਹਾਂ ਆਸ ਜਤਾਈ ਕਿ ਮਸਲੇ ਦਾ ਹੱਲ ਸ਼ਾਂਤੀਪੂਰਵਕ ਢੰਗ ਨਾਲ ਨਿਕਲੇਗਾ।
ਉਧਰ ਕਿਸਾਨ ਸਮਰਥਕ ਆਪੋ-ਆਪਣੇ ਹਲਕਿਆਂ ਦੇ ਸੰਸਦ ਮੈਂਬਰਾਂ ਤੇ ਹੋਰ ਰਾਜਨੀਤਕ ਆਗੂਆਂ ਨੂੰ ਮਿਲ ਕੇ ਜ਼ੋਰ ਪਾ ਰਹੇ ਹਨ ਕਿ ਆਸਟਰੇਲੀਆ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ’ਤੇ ਕੂਟਨੀਤਕ ਢੰਗ ਨਾਲ ਕੌਮਾਂਤਰੀ ਦਬਾਅ ਪਾਵੇ।