ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਵਿਚ ਰੋੜੇ ਅਟਕਾਉਣ ਤੋਂ ਵਰਜਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦੀ ਚਿੰਤਾ ਕਰਨ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਉੱਤੇ ਛੱਡ ਦੇਣੀ ਚਾਹੀਦੀ ਹੈ ਤੇ ਬਤੌਰ ਪੰਜਾਬ ਦੇ ਮੁੱਖ ਮੰਤਰੀ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਕੀਤੇ ਉਪਰਾਲੇ ਦਾ ਸਮਰਥਨ ਕਰਨਾ ਚਾਹੀਦਾ ਹੈ।
ਸ੍ਰੀ ਬਾਦਲ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਇਸ ਪਵਿੱਤਰ ਟੀਚੇ ਦੀ ਪ੍ਰਾਪਤੀ ਲਈ ਜਿਸ ਨੇ ਵੀ ਭੂਮਿਕਾ ਨਿਭਾਈ ਹੈ, ਉਹ ਬੇਸ਼ੱਕ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਸ੍ਰੀ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਭਾਰਤ ਸਰਕਾਰ ਵੱਲੋਂ ਕੀਤਾ ਉਪਰਾਲਾ ਅਤੇ ਪਾਕਿਸਤਾਨ ਦਾ ਹੁੰਗਾਰਾ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਪ੍ਰਾਪਤੀ ਹਨ, ਜਿਹੜੀ ਨਿੱਜੀ ਜਾਂ ਪਾਰਟੀ ਦੀਆਂ ਵਲਗਣਾਂ ਤੋਂ ਪਰ੍ਹੇ ਦੀ ਗੱਲ ਹੈ। ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਅਜਿਹਾ ਕੁਝ ਕਹਿਣਾ ਜਾਂ ਕਰਨਾ ਨਹੀਂ ਚਾਹੀਦਾ, ਜਿਸ ਨਾਲ ਇਸ ਪ੍ਰਾਪਤੀ ਦੇ ਰਾਹ ਵਿਚ ਅੜਿੱਕਾ ਖੜ੍ਹਾ ਹੋ ਸਕਦਾ ਹੋਵੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੀਤੀਆਂ ਟਿੱਪਣੀਆਂ ਬਹੁਤ ਮੰਦਭਾਗੀਆਂ ਸਨ। ਉਨ੍ਹਾਂ ਦੀ ਬਿਆਨਬਾਜ਼ੀ ਸਿੱਖਾਂ ਦੇ ਜਜ਼ਬਾਤ ਖ਼ਿਲਾਫ਼ ਹੈ। ਸ੍ਰੀ ਬਾਦਲ ਨੇ ਕਿਹਾ, ‘‘ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਿੱਖ ਭਾਈਚਾਰੇ ਦੇ ਇਸ ਪਵਿੱਤਰ ਟੀਚੇ ਦੇ ਰਾਹ ਵਿਚ ਰੋੜੇ ਨਾ ਅਟਕਾਉਣ।’’ ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖਾਂ ਦੀ ਰੋਜ਼ਾਨਾ ਅਰਦਾਸ ਅਤੇ ਮਾਸਟਰ ਤਾਰਾ ਸਿੰਘ ਵੱਲੋਂ ਸ਼ੁਰੂ ਕੀਤੇ ਲੰਮੇ ਸੰਘਰਸ਼ ਦਾ ਨਤੀਜਾ ਹੈ, ਜਿਸ ਵਿਚ ਸਿੱਖ ਕੌਮ ਦੇ ਵੱਡੇ ਆਗੂਆਂ ਸੰਤ ਫਤਿਹ ਸਿੰਘ, ਸੰਤ ਹਰਚੰਦ ਸਿੰਘ ਲੌਂਗੋਵਾਲ, ਜਥੇਦਾਰ ਗੁਰਚਰਨ ਸਿੰਘ ਟੋਹੜਾ, ਜਗਦੇਵ ਸਿੰਘ ਤਲਵੰਡੀ ਤੇ ਕੁਲਦੀਪ ਸਿੰਘ ਵਡਾਲਾ ਨੇ ਯੋਗਦਾਨ ਪਾਇਆ ਹੈ।
INDIA ਕੈਪਟਨ ਕਰਤਾਰਪੁਰ ਲਾਂਘੇ ਵਿਚ ਅੜਿੱਕੇ ਨਾ ਪਾਉਣ: ਬਾਦਲ