ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਤੋਂ ਲੋਕ ਸਭਾ ਦੀ ਚੋਣ ਲੜਣ ਦੀ ਪੇਸ਼ਕਸ਼ ਕੀਤੀ। ਡਾ. ਸਿੰਘ ਨੇ ਉਨ੍ਹਾਂ ਨੂੰ ਇਸ ਪੇਸ਼ਕਸ਼ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਪੰਜਾਬ ਵਿੱਚ ਆਖਰੀ ਗੇੜ ਵਿੱਚ ਚੋਣਾਂ ਹੋਣ ਕਰ ਕੇ ਕਾਂਗਰਸ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਵਿੱਚ ਅਜੇ ਕੁਝ ਸਮਾਂ ਹੋਰ ਲਗ ਸਕਦਾ ਹੈ।
ਅੱਜ ਨਵੀਂ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਨਾਲ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ, ਸੂਬਾ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸ਼ਾਮਲ ਹੋਏ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਗਈ। ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 16 ਮਾਰਚ ਨੂੰ ਹੋਵੇਗੀ। ਸਕਰੀਨਿੰਗ ਕਮੇਟੀ ਨੇ ਤਿੰਨ ਹਲਕਿਆਂ ਲਈ ਇਕ ਇਕ ਨਾਂ ਤੈਅ ਕੀਤਾ ਹੈ ਤੇ ਕੁਝ ਲਈ ਦੋ ਦੋ ਅਤੇ ਕੁਝ ਲਈ ਤਿੰਨ ਤਿੰਨ ਨਾਵਾਂ ’ਤੇ ਸਹਿਮਤੀ ਬਣੀ ਹੈ। ਇਹ ਨਾਂ ਕੇਂਦਰੀ ਚੋਣ ਕਮੇਟੀ ਵਿਚ ਜਾਣਗੇ। ਇਕ ਸੀਨੀਅਰ ਆਗੂ ਨੇ ਦੱਸਿਆ ਕਿ ਪੰਜਾਬ ਦੀਆਂ ਚੋਣਾਂ ਅੰਤਿਮ ਗੇੜ ਵਿਚ ਹੋਣ ਕਰ ਕੇ ਸਾਰਾ ਮਾਮਲਾ ਕੁਝ ਠੰਢਾ ਪੈ ਗਿਆ ਹੈ। ਇਸ ਕਰ ਕੇ ਉਨ੍ਹਾਂ ਸੂਬਿਆਂ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਫੌਰੀ ਅੰਤਿਮ ਰੂਪ ਦਿੱਤਾ ਜਾਵੇਗਾ ਜਿਥੇ ਪਹਿਲੇ, ਦੂਜੇ ਅਤੇ ਤੀਜੇ ਗੇੜ ਵਿੱਚ ਚੋਣਾਂ ਹੋਈਆਂ ਹਨ। ਕੇਂਦਰੀ ਚੋਣ ਕਮੇਟੀ ਦੀ 16 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੇ ਵੀ ਅੱਗੇ ਪੈਣ ਦੀ ਸੰਭਾਵਨਾ ਹੈ।
ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਤਿੰਨੇ ਆਗੂ ਡਾ. ਮਨਮੋਹਨ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਚੋਣ ਲੜਣ ਦੀ ਪੇਸ਼ਕਸ਼ ਕੀਤੀ। ਪਤਾ ਲੱਗਾ ਹੈ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਲੋਕ ਸਭਾ ਮੈਂਬਰ ਸੰਤੋਸ਼ ਚੌਧਰੀ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਨੌਜਵਾਨ ਆਗੂ ਗੁਰਭੇਜ ਟਿੱਬੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਜੈਵੀਰ ਸਿੰਘ ਸ਼ੇਰਗਿੱਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੂੰ ਮਿਲੇ ਤੇ ਆਪਣਾ ਦਾਅਵਾ ਪੇਸ਼ ਕੀਤਾ।
HOME ਕੈਪਟਨ ਤੇ ਜਾਖੜ ਡਾ. ਮਨਮੋਹਨ ਸਿੰਘ ਨੂੰ ਮਿਲੇ