ਕੈਪਟਨ ਨੇ ਖੜਗੇ ਕਮੇਟੀ ਕੋਲ ਰੱਖਿਆ ਪੱਖ

ਚੰਡੀਗੜ੍ਹ, (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿੱਚ ਕਾਂਗਰਸ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਕੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਵੱਲੋਂ ਲਾਏ ਦੋਸ਼ਾਂ ਦੇ ਜਵਾਬ ਹੀ ਨਹੀਂ ਦਿੱਤੇ ਸਗੋਂ ਗੈਰਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਕਾਂਗਰਸੀ ਨੇਤਾਵਾਂ ਦੀਆਂ ਫਾਈਲਾਂ ਵੀ ਤਿੰਨ ਮੈਂਬਰੀ ਕਮੇਟੀ ਨੂੰ ਦਿਖਾਈਆਂ। ਮੁੱਖ ਮੰਤਰੀ ਨੇ ਪਾਰਟੀ ਦਫਤਰ ’ਚ ਮਲਿਕਾਰਜੁਨ ਖੜਗੇ, ਜੇਪੀ ਅਗਰਵਾਲ ਅਤੇ ਹਰੀਸ਼ ਰਾਵਤ ਨਾਲ ਤਕਰੀਬਨ ਤਿੰਨ ਘੰਟੇ ਲੰਮੀ ਵਾਰਤਾ ਕੀਤੀ।

ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਨੇ ਹਰ ਮੁੱਦੇ ’ਤੇ ਕਮੇਟੀ ਨਾਲ ਵਿਸਥਾਰਤ ਚਰਚਾ ਕੀਤੀ। ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲੇ ਸਮੇਤ ਮਾਫੀਆ ਦੇ ਦੋਸ਼ਾਂ ਸਬੰਧੀ ਸਾਰੇ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਤੱਥਾਂ ਸਮੇਤ ਦੋਸ਼ਾਂ ਨੂੰ ਝੁਠਲਾਉਣ ਦਾ ਯਤਨ ਕੀਤਾ। ਸੂਤਰਾਂ ਦਾ ਦੱਸਣਾ ਹੈ ਕਿ ਪੰਜਾਬ ਪੁਲੀਸ ਦੇ ਖੁਫੀਆ ਵਿੰਗ ਨੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਕਾਰਨਾਮਿਆਂ ਦੀ ਸੂਚੀ ਬਣਾ ਕੇ ਮੁੱਖ ਮੰਤਰੀ ਨੂੰ ਹਫ਼ਤਾ ਕੁ ਪਹਿਲਾਂ ਹੀ ਸੌਂਪੀ ਸੀ। ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਦੇ ਯਤਨ ਕੀਤੇ ਜਾ ਰਹੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਵਿਰੋਧੀ ਧੜਾ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਸੰਪਰਕ ਵਿੱਚ ਹੈ ਜਦਕਿ ਸ੍ਰੀਮਤੀ ਗਾਂਧੀ ਵੱਲੋਂ ਅਮਰਿੰਦਰ ਸਿੰਘ ਦੀ ਹਮਾਇਤ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਦੇ ਕਰੀਬੀ ਸੂਤਰਾਂ ਦਾ ਦੱਸਣਾ ਹੈ ਕਿ ਉਨ੍ਹਾਂ ਮੀਟਿੰਗ ਦੌਰਾਨ ਬੇਅਦਬੀ ਦੇ ਮੁੱਦੇ ’ਤੇ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਦੱਸਿਆ। ਸੂਬੇ ਦੇ ਵਿਧਾਇਕਾਂ ਵੱਲੋਂ ਰੇਤ ਮਾਫੀਆ ਤੇ ਹੋਰਨਾਂ ਧੰਦਿਆਂ ’ਚ ਸ਼ਮੂਲੀਅਤ ਬਾਰੇ ਵੀ ਕਮੇਟੀ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਵਿਜੀਲੈਂਸ ਤੇ ਇੰਟੈਲੀਜੈਂਸ ਵੱਲੋਂ ਦਿੱਤੀਆਂ ਗਈਆਂ ਰਿਪੋਰਟਾਂ ਵੀ ਕਮੇਟੀ ਦੇ ਮੈਂਬਰਾਂ ਨੂੰ ਦਿਖਾਈਆਂ। ਕੈਪਟਨ ਦੇ ਕਰੀਬੀਆਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਨੇ ਸੂਬੇ ਦੇ ਮੰਤਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਕਮੇਟੀ ਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਮੁੱਖ ਮੰਤਰੀ ਤੇ ਉਨ੍ਹਾਂ ਦੇ ਹਮਾਇਤੀਆਂ ਨੇ ਅਧਿਕਾਰਤ ਤੌਰ ’ਤੇ ਮੀਡੀਆ ਨਾਲ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਨਾਂਹ ਕਰ ਦਿੱਤੀ।

ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਦੇ ਜਵਾਬ ਦਿੱਤੇ ਹਨ। ਪੰਜਾਬ ਦੇ ਬਹੁ ਗਿਣਤੀ ਵਿਧਾਇਕਾਂ, ਮੰਤਰੀਆਂ, ਸੰਸਦ ਮੈਂਬਰਾਂ ਤੇ ਹਲਕਾ ਇੰਚਾਰਜਾਂ ਨੇ ਖੜਗੇ ਕਮੇਟੀ ਨਾਲ ਚਾਰ ਦਿਨ ਚੱਲੀਆਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬਾਦਲ ਪਰਿਵਾਰ ਨਾਲ ਰਲੇ ਹੋਣ, ਬੇਅਦਬੀ ਮਾਮਲੇ ’ਤੇ ਕਾਰਵਾਈ ਨਾ ਕਰਨ, ਸੂਬੇ ’ਚ ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ ਤੇ ਸ਼ਰਾਬ ਮਾਫੀਆ ਦਾ ਬੋਲਬਾਲਾ ਹੋਣ ਦੇ ਨਾਲ ਵਿਜੀਲੈਂਸ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੋਣ ਅਤੇ ਅਕਾਲੀਆਂ ਦੇ ਭ੍ਰਿਸ਼ਟ ਕਾਰਨਾਮਿਆਂ ’ਤੇ ਪਰਦਾ ਪਾਉਣ ਦੇ ਦੋਸ਼ ਲਾਏ ਸਨ।

ਕੈਪਟਨ ਦੇ ਕਈ ਕਰੀਬੀਆਂ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਦੌਰਾਨ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵੀ ਪੰਜਾਬ ਦੇ ਚੋਣਵੇਂ ਆਗੂਆਂ ਨਾਲ ਗੱਲਬਾਤ ਕਰਕੇ ਜਾਣਕਾਰੀ ਲੈਣ ਦਾ ਸਿਲਸਿਲਾ ਜਾਰੀ ਹੈ। ਖੜਗੇ ਕਮੇਟੀ ਵੱਲੋਂ ਅਗਲੇ ਹਫ਼ਤੇ ਤੱਕ ਰਿਪੋਰਟ ਸੌਂਪੇ ਜਾਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਾ ਹੈ ਕਿ ਆਉਂਦੇ ਦਿਨਾਂ ਦੌਰਾਨ ਹਾਈ ਕਮਾਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਮੀਟਿੰਗ ਕਰਾਏ ਜਾਣ ਦੇ ਵੀ ਆਸਾਰ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਰਬੀਆਈ ਨੇ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਸਾਢੇ 9 ਫ਼ੀਸਦ ਕੀਤਾ
Next articleਕੈਪਟਨ ਸਰਕਾਰ ਨੇ ਕੋਵੈਕਸੀਨ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ’ਤੇ ਵੇਚੀਆਂ: ਭਾਜਪਾ