* ਬੀਬੀਐੱਮਬੀ ਨੂੰ ਕਲੀਨ ਚਿੱਟ ਦਿੱਤੀ * ਹੜ੍ਹਾਂ ਲਈ ਪਹਾੜਾਂ ਵਿੱਚ ਆਏ ਮੀਂਹ ਨੂੰ ਜ਼ਿੰਮੇਵਾਰ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ, ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਸੂਬੇ ਵਿਚ ਜਿਹੜੇ ਹੜ੍ਹ ਆਏ ਹਨ, ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੈ, ਸਗੋਂ ਪਹਾੜੀ ਇਲਾਕਿਆਂ ਵਿਚ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਇਹ ਹਾਲਾਤ ਬਣੇ ਹਨ। ਉਨ੍ਹਾਂ ਗਿੱਦੜਪਿੰਡੀ, ਵਾੜਾ ਜੋਧ ਸਿੰਘ ਅਤੇ ਸਰੂਪਵਾਲ ਦਾ ਦੌਰਾ ਕੀਤਾ ਤੇ ਹਾਲਾਤ ਦਾ ਜਾਇਜ਼ਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਭਾਖੜਾ ਡੈਮ ਵਿਚ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪ ਗਿਆ ਸੀ ਤੇ ਬੋਰਡ ਕੋਲ ਪਾਣੀ ਛੱਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਇਸ ਵਿਚ ਬੀਬੀਐਮਬੀ ਦਾ ਕੋਈ ਕਸੂਰ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਆਉਣ ਦਾ ਕਾਰਨ ਪਹਾੜਾਂ ਵਿਚ ਅਣਕਿਆਸਾ ਮੀਂਹ ਪੈਣਾ ਹੈ, ਜਿਸ ਦੀ ਪਹਿਲਾਂ ਉਮੀਦ ਨਹੀਂ ਸੀ। ਥੋੜ੍ਹੇ ਸਮੇਂ ’ਚ ਹੀ ਭਾਰੀ ਮੀਂਹ ਪੈਣ ਕਾਰਨ ਇਹ ਸਾਰਾ ਕੁਝ ਵਾਪਰ ਗਿਆ। ਹੜ੍ਹਾਂ ਨਾਲ ਪੰਜਾਬ ਵਿਚ ਭਾਰੀ ਨੁਕਸਾਨ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਆਰਥਿਕ ਮਦਦ ਨਾ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਮਦਦ ਮਿਲੇ ਜਾਂ ਨਾ ਪਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਰੇਕ ਟੀਮ ਵਿਚ ਸਿਹਤ ਵਿਭਾਗ, ਸਿਵਲ ਸਪਲਾਈ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਣਗੇ। ਪੀੜਤ ਪਰਿਵਾਰਾਂ ਨੂੰ ਭੋਜਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਜਾਵੇਗਾ। ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਨਾਜਾਇਜ਼ ਖਣਨ ਕਾਰਨ ਬੰਨ੍ਹ ਟੁੱਟਣ ਦੇ ਸਵਾਲ ’ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਗੈਰ ਕਾਨੂੰਨੀ ਖਣਨ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਦੌਰੇ ਦੌਰਾਨ ਮੁੱਖ ਮੰਤਰੀ ਹੜ੍ਹ ਪੀੜਤਾਂ ਨੂੰ ਮਿਲਣ ਲਈ ਲੋਹੀਆਂ-ਗਿੱਦੜਪਿੰਡੀ ਰੋਡ ’ਤੇ ਵਾੜਾ ਜੋਧ ਸਿੰਘ ਪਿੰਡ ਦੇ ਨੇੜੇ ਇਕ ਪੈਟਰੋਲ ਪੰਪ ’ਤੇ ਵੀ ਰੁਕੇ। ਇਥੇ ਉਹ ਸਿਰਫ 6 ਮਿੰਟ ਰਹੇ, ਜਿਸ ਵਿਚੋਂ ਦੋ ਮਿੰਟ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਬਾਕੀ ਸਮਾਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਥੇ ਹਾਜ਼ਰ ਜ਼ਿਆਦਾਤਰ ਲੋਕ ਕਾਂਗਰਸੀ ਤੇ ਉਨ੍ਹਾਂ ਪਿੰਡਾਂ ਦੇ ਸਨ ਜਿਥੇ ਹੜ੍ਹ ਨਹੀਂ ਸੀ ਆਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਵਾਈ ਸਰਵੇਖਣ ਦੌਰਾਨ ਚਮਕੌਰ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਜਲੰਧਰ ਦੇ ਗਿੱਦੜਪਿੰਡੀ ਇਲਾਕਿਆਂ ਨੂੰ ਦੇਖਿਆ ਹੈ। ਇਥੇ ਹਾਲਾਤ ਬੜੇ ਖਰਾਬ ਹਨ। ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਹਿ ਰਹੇ ਹਨ ਪਰ ਕਈ ਲੋਕ ਘਰ ਛੱਡਣ ਲਈ ਤਿਆਰ ਨਹੀਂ ਹੋਏ। ਸਰਕਾਰ ਨੇ ਉਨ੍ਹਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਟੀਮਾਂ ਦਾ ਗਠਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਸਰੂਪਵਾਲ ਤੇ ਭਰੋਆਣਾ ਪਿੰਡਾਂ ਦੇ ਹੜ੍ਹ ਪੀੜਤ ਖੇਤਰਾਂ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੁਲਤਾਨਪੁਰ ਲੋਧੀ ਹਲਕੇ ਦੇ ਵਿਧਾਇਕ ਨਵਤੇਜ ਸਿੰਘ ਚੀਮਾ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਸਮੇਤ ਹੋਰ ਅਧਿਕਾਰੀ ਵੀ ਸਨ।
HOME ਕੈਪਟਨ ਨੇ ਲਈ ਹੜ੍ਹ ਪੀੜਤਾਂ ਦੀ ਸਾਰ