ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਕੈਂਸਰ ਤੋਂ ਪੀੜਤ ਕਸ਼ਮੀਰੀ ਵਿਦਿਆਰਥੀ ਦੀ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਵਸਨੀਕ ਮੁਜੀਬ ਅਹਿਮਦ ਮੱਲਾ ਜਲੰਧਰ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦਾ ਹੈ। ਜੰਮੂ ਅਤੇ ਕਸ਼ਮੀਰ ਸਟੂਡੈਂਟ ਐਸੋਸੀਏਸ਼ਨ ਦੇ ਬੁਲਾਰੇ ਨਾਸਿਰ ਖੁਹੇਮੀ ਨੇ ਜਾਣਕਾਰੀ ਦਿੱਤੀ ਹੈ ਕਿ ਮੁਜੀਬ ਨੂੰ ਪੇਟ ਦਾ ਕੈਂਸਰ ਹੈ। ਨਾਸਿਰ ਅਨੁਸਾਰ ਮੁਜੀਬ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਮਾਪੇ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਬੇਨਤੀ ਕੀਤੀ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਜੀਬ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਇਸ ਸਬੰਧੀ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਨੂੰ ਸਿਫਾਰਸ਼ ਕਰ ਦਿੱਤੀ ਹੈ। ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰਕੇ ਕਿਹਾ ਹੈ,‘ ਮੈਨੂੰ ਮੁਜੀਬ ਦੀ ਸਹਾਇਤਾ ਕਰਨ ਵਿੱਚ ਖੁਸ਼ੀ ਹੋਵੇਗੀ। ਮੈਂ ਸਾਰੇ ਕਸ਼ਮੀਰੀ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਦੇ ਮੈਂਬਰ ਸਮਝਦਾ ਹਾਂ ਅਤੇ ਪੰਜਾਬ ਉਨ੍ਹਾਂ ਦਾ ਦੂਜਾ ਘਰ ਹੈ। ਨਾਸਿਰ ਖੁਹੇਮੀ ਨੇ ਮੁੱਖ ਮੰਤਰੀ ਵਲੋਂ ਸਹਾਇਤਾ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ ਹੈ। ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਵੀ ਕਸ਼ਮੀਰੀ ਵਿਦਿਆਰਥੀਆਂ ਨੂੰ ਪਾਰਟੀ ਦਿੱਤੀ ਸੀ।
INDIA ਕੈਪਟਨ ਵਲੋਂ ਕੈਂਸਰ ਪੀੜਤ ਕਸ਼ਮੀਰੀ ਵਿਦਿਆਰਥੀ ਦੀ ਸਹਾਇਤਾ ਦਾ ਭਰੋਸਾ