ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਸਮਰਥਨ ਦੇਣ ਲਈ ਕੈਨੇਡਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ’ਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ’ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਆਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁੱਧ ਕਾਰਵਾਈ ਕਰਨ ’ਚ ਅਸਫਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਦਿੱਤੀ ਗਈ ਸੀ ਪਰ ਉਨ੍ਹਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਿਹਾ, ਜਿਸ ਨਾਲ ਉਨ੍ਹਾਂ ਦੀ ਮਨਸ਼ਾ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਮੁੱਖ ਮੰਤਰੀ ਨੇ ਕੈਨੇਡੀਅਨ ਸਕਿਉਰਿਟੀ ਇੰਟੈਲੀਜੈਂਸ ਸਰਵਿਸ (ਸੀਐਸਆਈਐਸ) ਵੱਲੋਂ ਜਾਰੀ ਕੀਤੀ 2018 ਦੀ ਪਬਲਿਕ ਰਿਪੋਰਟ ਦੇ ਤੱਥਾਂ ’ਤੇ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ।
INDIA ਕੈਪਟਨ ਵੱਲੋਂ ਖਾਲਿਸਤਾਨੀ ਲਹਿਰ ਨੂੰ ਸਮਰਥਨ ਦੇਣ ’ਤੇ ਕੈਨੇਡਾ ਦੀ ਆਲੋਚਨਾ