ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਤੰਬਰ, 2021 ਤੱਕ ਝੁੱਗੀ ਝੌਂਪੜੀ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਵਚਰੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਇਸ ਸਾਲ ਦਸੰਬਰ ਤੱਕ ਇਨ੍ਹਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰ ਕੇ ਕਾਰਜਸ਼ੀਲ ਬਣਾਉਣਾ ਯਕੀਨੀ ਬਣਾਇਆ ਜਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਬਸੇਰਾ’ ਸਕੀਮ ਅਧੀਨ 196 ਝੁੱਗੀਆਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ 25,850 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅਗਲੇ ਚਾਰ ਮਹੀਨਿਆਂ ਵਿੱਚ 1000 ਘਰਾਂ ਨੂੰ ਮਾਲਕੀ ਹੱਕ ਦੇਣ ਦੇ ਕੰਮ ਨੂੰ ਫੌਰੀ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਨੇ ਵਿਭਾਗ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਿਤ ਕੀਤੇ ਸਾਰੇ 97,598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਵੀ ਆਖਿਆ।
ਸਮਾਰਟ ਸਿਟੀ ਅਤੇ ਕੁਝ ਹੋਰ ਸਕੀਮਾਂ ਤਹਿਤ ਅਣਵਰਤੇ ਫੰਡਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਪ੍ਰਾਜੈਕਟ ਛੇਤੀ ਪੂਰੇ ਕਰਨ ਤੇ ਨਵੇਂ ਪ੍ਰਵਾਨਿਤ ਕਾਰਜ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਬੁੱਢਾ ਨਾਲਾ ਸਕੀਮ ਨੂੰ ਸੂਬੇ ਲਈ ਮੁੱਖ ਪ੍ਰਾਜੈਕਟ ਦੱਸਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਦਸੰਬਰ, 2021 ਤੱਕ ਇਸ ਨੂੰ ਵੱਖ-ਵੱਖ ਪੜਾਵਾਂ ਵਿੱਚ ਪੂਰਾ ਕਰਨ ਲਈ ਆਖਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly