ਕੈਪਟਨ ਵੱਲੋਂ ਲੋਕਾਂ ਨੂੰ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ

ਚੰਡੀਗੜ੍ਹ (ਸਮਾਜ ਵੀਕਲੀ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਦਿਹਾਤੀ ਖੇਤਰ ਵਿੱਚ ਕਰੋਨਾ ਦਾ ਪਸਾਰ ਰੋਕਣ ਲਈ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਕਰੋਨਾ ਮੁਕਤ ਲੋਕਾਂ ਨੂੰ ਹੀ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਹੈ। ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿੱਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦਿਹਾਤੀ ਖੇਤਰਾਂ ’ਚ ਕਰੋਨਾ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਬਹੁਤ ਚੌਕਸ ਰਹਿਣ ਦੀ ਲੋੜ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਜੋ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ ਕਰੋਨਾ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਜੋ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿੱਚ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ 4.75 ਲੱਖ ਤੋਂ ਵੱਧ ਕੇਸ ਹੋ ਚੁੱਕੇ ਹਨ ਅਤੇ ਲੰਘੇ ਚੌਵੀ ਘੰਟਿਆਂ ਦੌਰਾਨ 8484 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੋਨਾ ਕਾਰਨ 11297 ਮੌਤਾਂ ਹੋਈਆਂ ਹਨ ਅਤੇ ਬੀਤੇ ਦਿਨ ਕਰੋਨਾ ਕਾਰਨ 184 ਜਾਨਾਂ ਗਈਆਂ। ਮੁੱਖ ਮੰਤਰੀ ਨੇ ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਕਣਕ ਦੀ ਖਰੀਦ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਇਸ ਪ੍ਰਾਪਤੀ ਲਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਸਾਲ ਦੇ 129 ਲੱਖ ਮੀਟਰਿਕ ਟਨ ਦੇ ਮੁਕਾਬਲੇ ਇਸ ਸਾਲ ਕੁੱਲ 132 ਲੱਖ ਮੀਟਰਿਕ ਟਨ ਦੀ ਖਰੀਦ ਕੀਤੀ ਗਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਦਾ 23ਵਾਂ ਜ਼ਿਲ੍ਹਾ ਬਣਿਆ ਮਾਲੇਰਕੋਟਲਾ
Next articleਮਾਲੇਰਕੋਟਲਾ ਦੇ ਨਵਾਬਾਂ ਨੂੰ ਸ਼ਰਧਾਂਜਲੀ ਦੇਣ ਦਾ ਉਪਰਾਲਾ