ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਨੂੰ ਕੌਮੀ ਰਾਜਧਾਨੀ ਦਿੱਲੀ ਦੇ ਰਾਜਘਾਟ ’ਤੇ ਵਿਧਾਇਕਾਂ ਦੇ ਕਾਫਲੇ ਨਾਲ ਸੰਕੇਤਕ ਧਰਨਾ ਦੇਣਗੇ। ਰਾਸ਼ਟਰਪਤੀ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਮਗਰੋਂ ਮੁੱਖ ਮੰਤਰੀ ਖ਼ਫ਼ਾ ਹਨ ਅਤੇ ਉਨ੍ਹਾਂ ਹੁਣ ਕੇਂਦਰ ਨਾਲ ਸਿੱਧੀ ਟੱਕਰ ਲੈਣ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਨੂੰ ਪੰਜਾਬ ਵਿੱਚ ਮਾਲ ਗੱਡੀਆਂ ਦੀ ਬਹਾਲੀ ਲਈ ਦਿੱਲੀ ਵੱਲ ਮੂੰਹ ਕਰਨਾ ਪਿਆ ਹੈ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਮੁੱਖ ਮੰਤਰੀ ਵੱਲੋਂ ਪਹਿਲਾਂ ਕੇਂਦਰ ਸਰਕਾਰ ਨੂੰ ਮਾਲ ਗੱਡੀਆਂ ਦੀ ਬਹਾਲੀ ਲਈ ਅਪੀਲ ਕੀਤੀ ਗਈ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਵੀ ਪੱਤਰ ਲਿਖਿਆ। ਕੇਂਦਰ ਸਰਕਾਰ ਵੱਲੋਂ ਧਾਰੀ ਚੁੱਪ ਕਾਰਨ ਹੀ ਮੁੱਖ ਮੰਤਰੀ ਨੇ ਦਿੱਲੀ ਜਾਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਬੀਤੇ ਦਿਨ ਰਾਸ਼ਟਰਪਤੀ ਨੇ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਇਸ ਮਗਰੋਂ ਮੁੱਖ ਮੰਤਰੀ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਭਲਕੇ ਦਿੱਲੀ ਦੇ ਰਾਜਘਾਟ ’ਚ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬੀ ਟ੍ਰਿਬਿਊਨ ਵੱਲੋ ਅੱਜ ਪ੍ਰਮੁੱਖਤਾ ਨਾਲ ਇਹ ਮਾਮਲਾ ਪ੍ਰਕਾਸ਼ਿਤ ਕਰ ਦਿੱਤਾ ਗਿਆ ਸੀ ਅਤੇ ਨਾਲ ਹੀ ਪੰਜਾਬ ਸਰਕਾਰ ਤੇ ਵਿਧਾਇਕਾਂ ਤੇ ਵਜ਼ੀਰਾਂ ਵੱਲੋਂ ਰਾਜਘਾਟ ’ਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਅਗਾਊਂ ਕਿਆਸ ਕਰ ਦਿੱਤਾ ਸੀ। ਪੰਜਾਬ ਦੇ ਸਮੁੱਚੇ ਕਾਂਗਰਸੀ ਵਿਧਾਇਕ ਅਤੇ ਵਜ਼ੀਰ ਅੱਜ ਦੇਰ ਸ਼ਾਮ ਦਿੱਲੀ ਪੁੱਜ ਗਏ ਹਨ ਅਤੇ ਭਲਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋਣਗੇ।
ਪੰਜਾਬ ਭਵਨ ਵਿੱਚ ਪਹਿਲਾਂ ਵਿਧਾਇਕਾਂ ਨਾਲ ਮੀਟਿੰਗ ਰੱਖੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਣ ਕਰਕੇ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜਥਿਆਂ ਵਿੱਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਪਹਿਲੇ ਜਥੇ ਦੀ ਉਹ ਖੁਦ ਸਵੇਰੇ 10.30 ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦਾ ਸੂਬੇ ਵਿੱਚ ਮਾਲ ਗੱਡੀਆਂ ਬੰਦ ਹੋਣ ਮਗਰੋਂ ਬਣੀ ਨਾਜ਼ੁਕ ਸਥਿਤੀ ਵੱਲ ਧਿਆਨ ਦਿਵਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਿੱਲੀ ਪੁੱਜ ਗਏ ਹਨ ਜਿਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਰਾਜਘਾਟ ’ਤੇ ਇੱਕ ਰੋਜ਼ਾ ਸੰਕੇਤਕ ਧਰਨਾ ਹੋਵੇਗਾ।ਸੂਤਰਾਂ ਨੇ ਦੱਸਿਆ ਕਿ ਭਲਕੇ ਪੰਜਾਬ ਭਵਨ ਵਿੱਚ 10.30 ਵਜੇ ਵਿਧਾਇਕਾਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਫ਼ੈਸਲਾ ਲਿਆ ਜਾਵੇਗਾ ਕਿ ਇਸ ਧਰਨੇ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਜਾਂ ਨਹੀਂ।
ਇਸੇ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਕੀ ਸਿਆਸੀ ਧਿਰਾਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਦੂਸਰੀਆਂ ਧਿਰਾਂ ਦੀ ਸ਼ਮੂਲੀਅਤ ਬਾਰੇ ਅਜੇ ਤੱਕ ਵੇਰਵੇ ਹਾਸਲ ਨਹੀਂ ਹੋਏ ਹਨ। ਇਸੇ ਦੌਰਾਨ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਪਾਰਟੀ ਦੇ ਵਿਧਾਇਕ ਪਹਿਲਾਂ ਰਾਜਘਾਟ ਜਾਣਗੇ ਤੇ ਇਸ ਮਗਰੋਂ ਜੰਤਰ-ਮੰਤਰ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਤਾਂ ਉਨ੍ਹਾਂ ਤੋਂ ਮੰਗ ਪੱਤਰ ਲਿਆ ਨਹੀਂ। ਹੁਣ ਉਹ ਰਾਸ਼ਟਰਪਿਤਾ ਨੂੰ ਮੰਗ ਪੱਤਰ ਦੇਣਗੇ।