* ਸਰਕਾਰ ਯੋਜਨਾ ਤੋਂ ਬਾਹਰ ਰੱਖੇ 9 ਲੱਖ ਲੋੜਵਦਾਂ ਨੂੰ ਸਬਸਿਡੀ ਵਾਲਾ ਰਾਸ਼ਨ ਦੇਵੇਗੀ
* ਕੇਂਦਰ ਦੇ ਫ਼ੈਸਲਿਆਂ ਦੀ ਕੀਤੀ ਆਲੋਚਨਾ
* ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਜਿਸ ਮਗਰੋਂ ਹੁਣ ਕੌਮੀ ਖੁਰਾਕ ਸੁਰੱਖਿਆ ਐਕਟ ਦਾ ਅਨਾਜ ਪੰਜਾਬ ’ਚੋਂ ਕਿਸੇ ਵੀ ਡਿਪੂ ਤੋਂ ਲੈਣ ਦੀ ਖੁੱਲ੍ਹ ਹੋਵੇਗੀ। ਸੂਬੇ ’ਚ ਇਸ ਸਕੀਮ ਦੇ 1.41 ਕਰੋੜ ਲਾਭਪਾਤਰੀ ਹਨ। ਸਕੀਮ ਤੋਂ ਲਾਂਭੇ ਰਹਿਣ ਵਾਲੇ 9 ਲੱਖ ਲੋੜਵੰਦਾਂ ਨੂੰ ਸਰਕਾਰ ਸਬਸਿਡੀ ਵਾਲਾ ਰਾਸ਼ਨ ਦੇਵੇਗੀ। ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।
ਸਮਾਰਟ ਕਾਰਡ ਵੰਡ ਦੇ ਸਮਾਰੋਹਾਂ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਦੇ ਲਾਭਪਾਤਰੀਆਂ ਦੀ ਹੱਦ 1.41 ਕਰੋੜ ਤੈਅ ਕੀਤੀ ਹੈ ਜਦਕਿ ਪੰਜਾਬ ਸਰਕਾਰ ਨੇ ਜ਼ਿਆਦਾ ਲੋਕਾਂ ਨੂੰ ਇਸ ’ਚ ਸ਼ਾਮਲ ਕਰਨ ਦੀ ਅਪੀਲ ਕੀਤੀ ਸੀ ਪਰ ਕੇਂਦਰ ਨੇ ਊਸ ਨੂੰ ਠੁਕਰਾ ਦਿੱਤਾ। ਹੁਣ 9 ਲੱਖ ਲੋੜਵੰਦਾਂ ਨੂੰ ਸੂਬਾ ਸਰਕਾਰ ਨੇ ਰਾਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਵਿਚ ਅੱਜ 100 ਵੱਖੋ-ਵੱਖ ਥਾਵਾਂ ਉਤੇ ਵਰਚੁਅਲ ਢੰਗ ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖ਼ਰੀਦ ਕਰਨ ਦੀ ਖੁੱਲ੍ਹ ਹੋਵੇਗੀ। ਊਨ੍ਹਾਂ ਕਿਹਾ ਕਿ ਯੋਜਨਾ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਕੀਤਾ ਜਾਂਦਾ ਸ਼ੋਸ਼ਣ ਬੰਦ ਹੋਵੇਗਾ। ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਇਹ ਕਾਰਵਾਈ ਪੰਜਾਬ ਦੇ ਕਿਸਾਨਾਂ ਦਾ ਹੌਸਲਾ ਤੋੜਨ ਵਾਲੀ ਹੋਵੇਗੀ। ਊਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਦਾ ਖਾਤਮਾ ਕਿਸਾਨੀ ਲਈ ਵਿਨਾਸ਼ਕਾਰੀ ਬਣੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਤਲੁਜ ਯਮਨਾ ਲਿੰਕ (ਐੱਸਵਾਈਐੱਲ) ਨਹਿਰ ਮੁੱਦਾ ਵੀ ਵੱਡੀ ਸਮੱਸਿਆ ਹੈ। ‘ਕੇਂਦਰੀ ਜਲ ਸਰੋਤ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਵੀ ਇਹ ਸਮੱਸਿਆ ਸੂਬੇ ਦਾ ਪਿੱਛਾ ਨਹੀਂ ਛੱਡ ਰਹੀ ਹੈ। ਪਿਘਲ ਰਹੇ ਗਲੇਸ਼ੀਅਰਾਂ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਕਰ ਕੇ ਪੰਜਾਬ ਲਈ ਹਾਲਾਤ ਨਾਜ਼ੁਕ ਹਨ।’
ਮੁੱਖ ਮੰਤਰੀ ਨੇ ਚਾਰ ਲਾਭਪਾਤਰੀਆਂ ਨੂੰ ਪੰਜਾਬ ਸਿਵਲ ਸਕੱਤਰੇਤ ’ਚ ਸਮਾਰਟ ਰਾਸ਼ਨ ਕਾਰਡ ਵੰਡੇ ਜਿਸ ਮਗਰੋਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਤੇ ਹਲਕਿਆਂ ਵਿੱਚ ਇਨ੍ਹਾਂ ਕਾਰਡਾਂ ਦੀ ਵੰਡ ਕੀਤੀ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਈ-ਪੋਸ ਪ੍ਰਣਾਲੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਅੰਨ ਦੀ ਚੋਰੀ ਨੂੰ ਠੱਲ੍ਹ ਪੈ ਸਕੇ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਮਾਰਟ ਕਾਰਡ ਲਾਂਚ ਮੌਕੇ ਕਿਹਾ ਕਿ ਸੂਬਾ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਕਈ ਖ਼ਤਰੇ ਦਰਪੇਸ਼ ਹਨ। ਊਨ੍ਹਾਂ ਕਿਹਾ ਕਿ ਸੂਬਾ ਐੱਸਵਾਈਐੱਲ ਤੋਂ ਲੈ ਕੇ ਖੇਤੀ ਆਰਡੀਨੈਂਸਾਂ ਅਤੇ ਜੀਐੱਸਟੀ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੰਗ ਕੀਤੀ ਕਿ ਪਿਛਲੀ ਸਰਕਾਰ ਸਮੇਂ ਅਯੋਗ ਲਾਭਪਾਤਰੀਆਂ ਨੂੰ ਦਿੱਤੇ ਗਏ ਫਾਇਦੇ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ।
ਕਿਸਾਨੀ ਦੀ ਰੱਖਿਆ ਹਰ ਹੀਲੇ ਕਰਾਂਗੇ: ਜਾਖੜ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾਂਦੇ ਮਤਰੇਏ ਸਲੂਕ ਦਾ ਸਬੂਤ ਅਕਾਲੀ-ਭਾਜਪਾ ਗੱਠਜੋੜ ਵਾਲੀ ਪਿਛਲੀ ਸਰਕਾਰ ਵੱਲੋਂ ਸੂਬੇ ਉਤੇ 31000 ਕਰੋੜ ਸੀਸੀਐੱਸ ਕਰਜ਼ੇ ਦਾ ਬੋਝ ਹੈ। ਊਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹਾਲੇ ਤੱਕ ਹੱਲ ਨਹੀਂ ਹੋਇਆ ਹੈ। ਉਨ੍ਹਾਂ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਰੱਖਿਆ ਕਰਨ ਦਾ ਸੱਦਾ ਦਿੱਤਾ।