ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਵਿਧਾਨ ਸਭਾ ਦਾ ਸੈਸ਼ਨ ਨਾ ਸੱਦਿਆ ਗਿਆ ਤਾਂ ਪਾਰਟੀ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸਾਰੇ ਪੰਜਾਬ ਨੂੰ ਨੋਟੀਫਾਈਡ ਮੰਡੀ ਐਲਾਨਿਆ ਜਾਵੇ ਅਤੇ ਕੇਂਦਰ ਦੇ ਖੇਤੀਬਾੜੀ ਬਾਰੇ ਐਕਟ ਰੱਦ ਕੀਤੇ ਜਾਣ। ਊਨ੍ਹਾਂ ਸੂਬੇ ਦਾ ਆਪਣਾ 2017 ਵਿਚ ਸੋਧਿਆ ਏਪੀਐੱਮਸੀ ਐਕਟ ਵੀ ਰੱਦ ਕਰਨ ਲਈ ਕਿਹਾ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਬਹਾਨੇਬਾਜ਼ੀ ਨੂੰ ਦੇਖਦਿਆਂ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੈਸ਼ਨ ਸੱਦਣ ਬਾਰੇ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਲੁੱਕਣ ਮੀਚੀ ਖੇਡ ਰਹੇ ਹਨ, ਕਦੇ ਇਕ ਦਿਨ ਵਾਅਦਾ ਕਰਦੇ ਹਨ ਕਿ ਸੈਸ਼ਨ ਸੱਦਣਗੇ ਤੇ ਦੂਜੇ ਦਿਨ ਮੁੱਕਰ ਵੀ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹੀ ਰਵੱਈਆ ਤਿੰਨ ਐਕਟਾਂ ਬਾਰੇ ਵੀ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਕੇਂਦਰ ਕਿਸਾਨਾਂ ਦੀ ਜਿਣਸ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖ਼ਰੀਦ ਦੀ ਸੰਵਿਧਾਨਕ ਗਾਰੰਟੀ ਦੇਵੇ ਅਤੇ ਇਸ ਨੂੰ ਹੋਰ ਮੌਲਿਕ ਅਧਿਕਾਰਾਂ ਦੇ ਬਰਾਬਰ ਦਾ ਅਧਿਕਾਰ ਬਣਾਵੇ। ਪਾਰਟੀ ਇਹ ਵੀ ਚਾਹੁੰਦੀ ਹੈ ਕਿ ਐੱਮਐੱਸਪੀ ਸਵਾਮੀਨਾਥਨ ਫਾਰਮੂਲੇ ਅਨੁਸਾਰ ਤੈਅ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇਹ ਵੀ ਫ਼ੈਸਲਾ ਕੀਤਾ ਕਿ ਉਹ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਮੰਗ ਛੇਤੀ ਹੀ ਵਿਦੇਸ਼ ਮੰਤਰੀ ਕੋਲ ਚੁੱਕੇਗੀ।
ਕੋਰ ਕਮੇਟੀ ਨੇ ਮੁੱਖ ਮੰਤਰੀ ਨੂੰ ਅਲਟੀਮੇਟਮ ਦਿੱਤਾ ਕਿ ਉਹ ਐੱਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਉਨ੍ਹਾਂ ਖਿਲਾਫ਼ ਫ਼ੌਜਦਾਰੀ ਕੇਸ ਦਰਜ ਕੀਤਾ ਜਾਵੇ। ਵਜ਼ੀਫੇ ਦਾ 69 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ੀ ਪਾਏ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਕੋਰ ਕਮੇਟੀ ਨੇ ਹਾਥਰਸ ਸਮੂਹਿਕ ਜਬਰ-ਜਨਾਹ ਘਟਨਾ ਨੂੰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਲਾਪ੍ਰਵਾਹੀ ਨਾਲ ਨਜਿੱਠਣ ਦਾ ਵੀ ਗੰਭੀਰ ਨੋਟਿਸ ਲਿਆ ਤੇ ਉਸ ਨੂੰ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਤੇ ਪੀੜਤ ਦੀ ਲਾਸ਼ ਦਾ ਜਬਰੀ ਸਸਕਾਰ ਕਰਨ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਵੇ। ਪਾਰਟੀ ਦੇ ਸਾਰੇ ਜਥੇਬੰਦਕ ਢਾਂਚੇ ਨੂੰ 15 ਨਵੰਬਰ ਤੋਂ ਪਹਿਲਾਂ ਪੂਰਾ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਾਂ ਨੇ ਵੀ ਭਾਗ ਲਿਆ।