ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ ਦੀਆਂ ਦਰਖਾਸਤਾਂ ਖ਼ਾਰਜ

ਕੋਟਕਪੂਰਾ ਗੋਲੀ ਕਾਂਡ ਸਬੰਧੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਦਿੱਤੀਆਂ ਦਰਖਾਸਤਾਂ ਨੂੰ ਅਦਾਲਤ ਨੇ ਅੱਜ ਖਾਰਜ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਸਬੰਧੀ ਅਦਾਲਤ ਵਿੱਚ ਦੋਸ਼ ਪੱਤਰ ਪੇਸ਼ ਕੀਤੇ ਜਾਣ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਪ੍ਰਕਿਰਿਆ ’ਤੇ ਸਵਾਲ ਉਠਾਉਂਦਿਆਂ ਅਦਾਲਤ ਵਿੱਚ ਲਿਖਤੀ ਦਰਖ਼ਾਸਤ ਦੇ ਕੇ ਜਾਂਚ ਟੀਮ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਮਰਾਨੰਗਲ ਨੇ ਅਦਾਲਤ ਰਾਹੀਂ ਜਾਂਚ ਟੀਮ ਤੋਂ ਕੁਝ ਦਸਤਾਵੇਜ਼ਾਂ ਦੀ ਵੀ ਮੰਗ ਕੀਤੀ ਸੀ। ਸੈਸ਼ਨ ਜੱਜ ਹਰਪਾਲ ਸਿੰਘ ਨੇ ਇਨ੍ਹਾਂ ਦਰਖਾਸਤਾਂ ’ਤੇ ਬਹਿਸ ਸੁਣੀ। ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਕਿਹਾ ਕਿ ਜਾਂਚ ਟੀਮ ਨੇ ਨਿਰਪੱਖ ਅਤੇ ਕਾਨੂੰਨੀ ਤਰੀਕੇ ਨਾਲ ਪੜਤਾਲ ਕੀਤੀ ਹੈ ਅਤੇ ਹਾਲ ਦੀ ਘੜੀ ਮੁਲਜ਼ਮ ਵਜੋਂ ਨਾਮਜ਼ਦ ਹੋਏ ਪੁਲੀਸ ਅਧਿਕਾਰੀਆਂ ਨੂੰ ਪੁਲੀਸ ਦੀ ਜਾਂਚ ਰਿਪੋਰਟ ਉੱਪਰ ਇਤਰਾਜ਼ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮ ਮੁਕੰਮਲ ਰਿਕਾਰਡ ਪਹਿਲਾਂ ਹੀ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ ਅਤੇ ਕਾਨੂੰਨ ਮੁਤਾਬਿਕ ਇਸ ਦੀਆਂ ਨਕਲਾਂ ਇਸ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਹੀ ਦਿੱਤੀਆਂ ਗਈਆਂ ਹਨ। ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਪੁਲੀਸ ਅਧਿਕਾਰੀਆਂ ਦੀਆਂ ਇਨ੍ਹਾਂ ਦਰਖਾਸਤਾਂ ਨੂੰ ਖਾਰਜ ਕਰ ਦਿੱਤਾ। ਅਦਾਲਤ 29 ਨਵੰਬਰ ਨੂੰ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਵਿਸ਼ੇਸ਼ ਜਾਂਚ ਟੀਮ, ਪੰਜਾਬ ਸਰਕਾਰ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਪੁਲੀਸ ਅਧਿਕਾਰੀਆਂ ਦਾ ਪੱਖ ਸੁਣੇਗੀ। ਅੱਜ ਅਦਾਲਤ ਵਿੱਚ ਸੁਣਵਾਈ ਦੌਰਾਨ ਪਰਮਰਾਜ ਸਿੰਘ ਉਮਰਾਨੰਗਲ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਹਾਜ਼ਰ ਨਹੀਂ ਹੋਏ। ਅਦਾਲਤ ਨੇ ਉਮਰਾਨੰਗਲ ਅਤੇ ਮਨਤਾਰ ਸਿੰਘ ਬਰਾੜ ਦੀ ਅੱਜ ਲਈ ਹਾਜ਼ਰੀ ਮੁਆਫ਼ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀਆਂ ਅਜਿਹੀਆਂ ਹੀ ਦਰਖਾਸਤਾਂ ਰੱਦ ਕਰ ਚੁੱਕੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਆਈ.ਜੀ. ਉਮਰਾਨੰਗਲ, ਮਨਤਾਰ ਸਿੰਘ ਬਰਾੜ, ਚਰਨਜੀਤ ਸ਼ਰਮਾ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ, ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਐੱਸ.ਪੀ. ਪਰਮਜੀਤ ਸਿੰਘ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਹਨ।

Previous articleAll papers handed over to police: IIT-M student’s father
Next articleਅਯੁੱਧਿਆ ਫੈਸਲੇ ਮਗਰੋਂ ਜੁੰਮੇ ਦੀ ਪਹਿਲੀ ਨਮਾਜ਼ ਸੁਖੀ-ਸਾਂਦੀ ਅਦਾ