ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਦੋਸ਼ੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਨਤਾਰ ਸਿੰਘ ਬਰਾੜ ਨੇ ਅੱਜ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦੇ ਕੇ ਮੰਗ ਕੀਤੀ ਕਿ ਸਿਟੀ ਪੁਲੀਸ ਕੋਟਕਪੂਰਾ ਵੱਲੋਂ 7 ਅਗਸਤ 2018 ਨੂੰ ਦਰਜ ਕੀਤੇ ਗਏ ਮੁਕੱਦਮਾ ਨੰਬਰ 129, ਅ/ਧ 307, 323, 341, 218, 201/34 ਆਈਪੀਸੀ ਥਾਣਾ ਸਿਟੀ ਕੋਟਕਪੂਰਾ ਵਿੱਚ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਈ ਜਾਵੇ। ਮਨਤਾਰ ਸਿੰਘ ਬਰਾੜ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਦਾਅਵਾ ਕੀਤਾ ਕਿ ਉਸ ਦਾ ਕੋਟਕਪੂਰਾ ਗੋਲੀ ਕਾਂਡ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ 13 ਅਕਤੂਬਰ 2015 ਦੀ ਰਾਤ ਨੂੰ ਜਿਹੜੀਆਂ 157 ਫੋਨ ਕਾਲਾਂ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀਜੀਪੀ ਤੇ ਹੋਰ ਅਧਿਕਾਰੀਆਂ ਨੂੰ ਹੋਈਆਂ ਸਨ, ਉਨ੍ਹਾਂ ਵਿੱਚੋਂ ਉਸ ਦੀਆਂ ਸਿਰਫ਼ ਅੱਠ ਫ਼ੋਨ ਕਾਲਾਂ ਹੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਲਕੇ ਦਾ ਨੁਮਾਇੰਦਾ ਹੋਣ ਦੇ ਨਾਤੇ ਸਮੁੱਚੀ ਸਥਿਤੀ ਨੂੰ ਸ਼ਾਂਤਮਈ ਢੰਗ ਨਾਲ ਨਿਪਟਾਉਣ ਲਈ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਰਮਿਆਨ ਗੱਲਬਾਤ ਕਰਵਾਈ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਜਦਕਿ ਉਹ ਪਹਿਲਾਂ ਹੀ 9 ਨਵੰਬਰ ਅਤੇ 27 ਫਰਵਰੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਜਾਂਚ ਦੌਰਾਨ ਪੂਰਾ ਸਹਿਯੋਗ ਦਿੱਤਾ ਹੈ। ਆਪਣੇ ਖ਼ਿਲਾਫ਼ ਦਰਜ ਹੋਏ ਕੇਸ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਸਾਬਕਾ ਸੰਸਦੀ ਸਕੱਤਰ ਨੇ ਮੁਕੱਦਮੇ ਵਿੱਚ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਦੀ ਮੰਗ ਕੀਤੀ ਹੈ। ਸੈਸ਼ਨ ਜੱਜ ਨੇ ਇਸ ਜ਼ਮਾਨਤ ਅਰਜ਼ੀ ‘ਤੇ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ 19 ਮਾਰਚ ਲਈ ਨੋਟਿਸ ਜਾਰੀ ਕੀਤਾ ਹੈ। ਉਸ ਦਿਨ ਇਸ ਮਾਮਲੇ ‘ਤੇ ਬਹਿਸ ਹੋਣ ਦੀ ਸੰਭਾਵਨਾ ਹੈ।
INDIA ਕੋਟਕਪੂਰਾ ਗੋਲੀ ਕਾਂਡ: ਮਨਤਾਰ ਬਰਾੜ ਨੇ ਅਗਾਊਂ ਜ਼ਮਾਨਤ ਮੰਗੀ