ਕਿਸਾਨ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ – ਖੇਤੀਬਾੜੀ ਅਧਿਕਾਰੀ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ 5-6 ਅਪਰੈਲ ਨੂੰ ਵਰਚੂਅਲ ਮੇਲਾ ਆਯੋਜਤ ਕੀਤਾ ਗਿਆ ਹੈ । ਬਲਾਕ ਪੱਧਰ ਤੇ ਵਰਚੂਅਲ ਮੇਲੇ ਵਿੱਚ ਸ਼ਿਰਕਤ ਕਰਦਿਆਂ ਖੇਤੀਬਾੜੀ ਅਫਸਰ ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾਂਦੇ ਪਿੰਡ ਪੱਧਰੀ ਕੈਂਪਾਂ ਵਿਚ ਵੱਧ ਤੋਂ ਵੱਧ ਭਾਗ ਲਿਆ ਜਾਵੇ ।
ਇਸ ਮੌਕੇ ਬਲਾਕ ਟੈਕਨਾਲੋਜੀ ਮੈਨੇਜਰ ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਖੇਤਾਂ ਵਿਚ ਦਬਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਦੇ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਵਾਤਾਵਰਨ ਦੂਸ਼ਿਤ ਹੁੰਦਾ ਹੈ । ਸਾਨੂੰ ਕੋਵਿਡ 19 ਨੂੰ ਮੁੱਖ ਰੱਖਦਿਆਂ ਹੋਇਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਇਸ ਤਰਾਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੁੰਦੀ ਹੈ । ਇਸ ਮੌਕੇ ਇਲਾਕੇ ਦੇ ਅਗਾਂਹ ਵਧੂ ਕਿਸਾਨਾਂ ਦੇ ਨਾਲ ਦਫਤਰ ਦੇ ਸਮੂਹ ਸਟਾਫ ਮੈਂਬਰ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ , ਮੁਨੀਮ ਕੁਮਾਰ ,ਗੁਰਦੇਵ ਸਿੰਘ , ਇੰਦਰਜੋਤ ਸਿੰਘ, ਵਿਕਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਹਾਜ਼ਰ ਸਨ ।