ਕੋਵਿੰਦ ਵੱਲੋਂ ਖੇਤੀ ਕਾਨੂੰਨਾਂ ਦੀ ਵਕਾਲਤ

* ਕਿਸਾਨਾਂ ਦੇ ਤੌਖ਼ਲਿਆਂ ਨੂੰ ਦੂਰ ਕਰਨ ਦੇ ਯਤਨ ਕਰਦਿਆਂ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਿਆ

* ਬਿੱਟੂ ਅਤੇ ਕੁਝ ਹੋਰ ਸੰਸਦ ਮੈਂਬਰਾਂ ਨੇ ਗੈਲਰੀ ’ਚ ਲਾਏ ਨਾਅਰੇ

* ਚੀਨ ਨਾਲ ਲਗਦੀ ਸਰਹੱਦ ’ਤੇ ਸਰਕਾਰ ਦੇ ਪੂਰੀ ਤਰ੍ਹਾਂ ਚੌਕਸ ਰਹਿਣ ਦਾ ਦਾਅਵਾ

* ਮੋਦੀ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਦੀ ਪ੍ਰਸ਼ੰਸਾ

ਨਵੀਂ ਦਿੱਲੀ (ਸਮਾਜ ਵੀਕਲੀ): ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਢੰਗ ਨਾਲ ਬਚਾਅ ਕਰਦਿਆਂ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਤਿਰੰਗੇ ਦੇ ‘ਅਪਮਾਨ’ ਦੀ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਮੰਦਭਾਗੀ ਘਟਨਾ ਕਰਾਰ ਦਿੱਤਾ। ਉਨ੍ਹਾਂ ਕਿਸਾਨਾਂ ਦੇ ਤੌਖ਼ਲਿਆਂ ਨੂੰ ਦੂਰ ਕਰਨ ਦੇ ਯਤਨ ਕਰਦਿਆਂ ਕਿਹਾ ਕਿ ਪੁਰਾਣੇ ਢਾਂਚੇ ’ਚ ਕੋਈ ਬਦਲਾਅ ਕੀਤੇ ਬਿਨਾਂ ਖੇਤੀ ਕਾਨੂੰਨਾਂ ਦਾ ਲਾਹਾ 10 ਕਰੋੜ ਛੋਟੇ ਕਿਸਾਨਾਂ ਨੂੰ ਫੌਰੀ ਮਿਲਣਾ ਸ਼ੁਰੂ ਹੋ ਗਿਆ ਹੈ।

ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਸੰਸਦ ਦੇ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਜਿਵੇਂ ਸੰਵਿਧਾਨ ’ਚ ਲੋਕਾਂ ਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਹੱਕ ਦਿੱਤਾ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਕਾਨੂੰਨ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ, ‘ਆਪ’, ਕਾਂਗਰਸ ਅਤੇ ਬਸਪਾ ਸਮੇਤ 20 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ।

ਰਾਸ਼ਟਰਪਤੀ ਦੇ ਭਾਸ਼ਣ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਲਾਏ। ਵਿਰੋਧੀ ਧਿਰ ਦੇ ਕੁਝ ਸੰਸਦ ਮੈਂਬਰ ਕੇਂਦਰੀ ਹਾਲ ਦੀ ਗੈਲਰੀ ’ਚ ਨਾਅਰੇ ਲਾਉਂਦੇ ਸੁਣੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਮਿਲ ਕੇ ਸੰਸਦ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਰਾਸ਼ਟਰਪਤੀ ਨੇ ਕਿਹਾ,‘‘ਖੇਤੀ ਸੁਧਾਰਾਂ ਨੂੰ ਕਈ ਸਿਆਸੀ ਪਾਰਟੀਆਂ ਨੇ ਵੀ ਸਮੇਂ ਸਮੇਂ ’ਤੇ ਹਮਾਇਤ ਦਿੱਤੀ ਸੀ।

ਖੇਤੀ ਕਾਨੂੰਨ ਸੰਸਦ ’ਚ ਵਿਆਪਕ ਵਿਚਾਰ ਵਟਾਂਦਰੇ ਅਤੇ ਦਹਾਕਿਆਂ ਦੀ ਲੰਬੀ ਬਹਿਸ ਮਗਰੋਂ ਪਾਸ ਕੀਤੇ ਗਏ ਹਨ।’’ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਤੱਕ ਪਹੁੰਚ ਕਰਦਿਆਂ ਸ੍ਰੀ ਕੋਵਿੰਦ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਹ ਲਾਗੂ ਕਰਨ ’ਤੇ ਰੋਕ ਲਗਾਈ ਹੋਈ ਹੈ ਅਤੇ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦਾ ਪਾਲਣ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਨਾਜ ਖ਼ਰੀਦ ਪ੍ਰਣਾਲੀ ਤਹਿਤ ਮਿਲੇ ਹੱਕ ਅਤੇ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੇ ਅਤੇ ਨਵੇਂ ਖੇਤੀ ਕਾਨੂੰਨਾਂ ਨਾਲ ਉਨ੍ਹਾਂ ’ਤੇ ਕੋਈ ਅਸਰ ਨਹੀਂ ਪਵੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਕੇਂਦਰ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਹੈ ਅਤੇ ਐੱਮਐੱਸਪੀ ਲਾਗਤ ਨਾਲੋਂ ਡੇਢ ਗੁਣਾ ਤੱਕ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਮਐੱਸਪੀ ’ਤੇ ਹੀ ਰਿਕਾਰਡ ਅਨਾਜ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਰਿਕਾਰਡ ਅਨਾਜ ਉਤਪਾਦਨ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਖੇਤੀ ਸੈਕਟਰ ’ਚ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਧਿਆਨ ਕੇਂਦਰਤ ਕਰਨ ਦਾ ਵੇਲਾ ਹੈ ਜਿਹੜੇ ਮੁਲਕ ’ਚ 80 ਫ਼ੀਸਦੀ ਤੋਂ ਜ਼ਿਆਦਾ ਹਨ ਅਤੇ ਜਿਨ੍ਹਾਂ ਦੀ ਗਿਣਤੀ 10 ਕਰੋੜ ਤੋਂ ਵੱਧ ਹੈ।

Previous articleਸਿੰਘੂ ਬਾਰਡਰ ’ਤੇ ਪੁਲੀਸ ਦੀ ਹਾਜ਼ਰੀ ’ਚ ਕਿਸਾਨਾਂ ਉੱਤੇ ਪਥਰਾਅ
Next articleਜਾਂਚ ’ਚ ਸ਼ਾਮਲ ਹੋਵਾਂਗਾ, ਸੱਚ ਸਾਹਮਣੇ ਲਿਆਉਣ ਲਈ ਸਮਾਂ ਚਾਹੀਦੈ: ਦੀਪ ਸਿੱਧੂ