ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐਲ.) ਦੇ ਮੁੱਦੇ ’ਤੇ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸਮਰੱਥਾ ਰੱਖਦਾ ਹੈ।
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀਡੀਓ ਕਾਨਫਰੰਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ ਕਿ ‘ਤੁਸੀਂ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਨਜ਼ਰੀਏ ਤੋਂ ਦੇਖੋ। ਜੇ ਤੁਸੀਂ ਐਸ.ਵਾਈ.ਐਲ. ਨਾਲ ਅੱਗੇ ਵਧਣ ਦਾ ਫ਼ੈਸਲਾ ਕੀਤਾ ਤਾਂ ਪੰਜਾਬ ਵਿਚ ਸਥਿਤੀ ਵਿਗੜੇਗੀ ਅਤੇ ਇਹ ਕੌਮੀ ਸਮੱਸਿਆ ਬਣ ਜਾਵੇਗੀ ਜਿਸ ਨਾਲ ਹਰਿਆਣਾ ਤੇ ਰਾਜਸਥਾਨ ਵੀ ਪ੍ਰਭਾਵਿਤ ਹੋਣਗੇ।’
ਮੁੱਖ ਮੰਤਰੀ ਨੇ ਬਾਅਦ ਵਿੱਚ ਮੀਟਿੰਗ ਨੂੰ ‘ਸਕਾਰਾਤਮਕ ਤੇ ਦੋਸਤਾਨਾ’ ਮਾਹੌਲ ਵਿੱਚ ਹੋਈ ਦੱਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ਦੇ ਨਜ਼ਰੀਏ ਨੂੰ ਸਮਝਦੇ ਹਨ। ਮੁੱਖ ਮੰਤਰੀ ਨੇ ਤੈਅ ਸਮੇਂ ਅੰਦਰ ਪਾਣੀ ਦੀ ਉਪਲੱਬਧਤਾ ਦਾ ਤਾਜ਼ਾ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਾਉਂਦਿਆਂ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਦੇ ਸੂਬੇ ਨੂੰ ਯਮੁਨਾ ਨਦੀ ਸਣੇ ਉਪਲਬਧ ਕੁੱਲ ਸਰੋਤਾਂ ਵਿੱਚੋਂ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਉਪਲਬਧਤਾ ਲਈ ਸਹੀ ਅਦਾਲਤੀ ਹੁਕਮ ਲੈਣ ਲਈ ਇਹ ਜ਼ਰੂਰੀ ਹੈ ਕਿ ਟ੍ਰਿਬਿਊਨਲ ਬਣਾਇਆ ਜਾਵੇ। ਉਨ੍ਹਾਂ ਕਿਹਾ ਇਰਾਡੀ ਕਮਿਸ਼ਨ ਵੱਲੋਂ ਤਜਵੀਜ਼ਤ ਪਾਣੀ ਦੀ ਵੰਡ 40 ਸਾਲ ਪੁਰਾਣੀ ਹੈ ਜਦੋਂ ਕਿ ਕੌਮਾਂਤਰੀ ਨਿਯਮਾਂ ਅਨੁਸਾਰ ਸਥਿਤੀ ਦਾ ਪਤਾ ਲਗਾਉਣ ਲਈ ਹਰੇਕ 25 ਸਾਲਾਂ ਬਾਅਦ ਨਜ਼ਰਸਾਨੀ ਕਰਨੀ ਜ਼ਰੂਰੀ ਹੈ।