ਅੰਮ੍ਰਿਤਸਰ (ਸਮਾਜ ਵੀਕਲੀ): ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੁੱਚੀਆਂ ਸਿੱਖ ਜਥੇਬੰਦੀਆਂ, ਰਾਜਨੀਤਕ ਦਲ, ਧਾਰਮਿਕ, ਸਮਾਜਿਕ, ਸਿੱਖਿਆ ਸੰਸਥਾਵਾਂ ਅਤੇ ਸੰਪਰਦਾਵਾਂ ਆਪਣੇ ਰਾਜਸੀ, ਵਿਚਾਰਕ ਤੇ ਜਾਤੀ ਮਤਭੇਦਾਂ ਅਤੇ ਵੱਖਰੇਵਿਆਂ ਨੂੰ ਇੱਕ ਪਾਸੇ ਰੱਖ ਕੇ ਖ਼ਾਲਸਾਈ ਨਿਸ਼ਾਨ ਹੇਠ ਇਕੱਠੇ ਹੋਣ ਤਾਂ ਜੋ ਮੌਜੂਦਾ ਸਥਿਤੀਆਂ ਦਾ ਸਾਹਮਣਾ ਇੱਕਜੁੱਟ ਹੋ ਕੇ ਕੀਤਾ ਜਾ ਸਕੇ। ਪੰਥ ਦੇ ਨਾਂ ਇੱਕ ਸੰਦੇਸ਼ ਜਾਰੀ ਕਰਦਿਆਂ ਜਥੇਦਾਰ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਚੁਫੇਰਿਓਂ ਸਿਧਾਂਤਕ ਤੇ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਅਦਬੀ ਦੀਆਂ ਘਟਨਾਵਾਂ ਪਿਛਲੇ ਸਮੇਂ ਤੋਂ ਲਗਾਤਾਰ ਵਧ ਰਹੀਆਂ ਹਨ। ਸਿੱਖਾਂ ਦੇ ਰੂਹਾਨੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦਾ ਹੋਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਸਿਖ਼ਰ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਧ ਕੁਝ ਵੀ ਨਹੀਂ ਹੈ ਤੇ ਹੁਣ ਜਦੋਂ ਹਮਲਾਵਰ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚ ਗਏ ਹਨ ਤਾਂ ਕੌਮ ਨੂੰ ਤੁਰੰਤ ਜਾਗਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਬੌਧਿਕ ਤੌਰ ’ਤੇ ਤੋੜਨ ਲਈ ਗੁਰੂ ਗ੍ਰੰਥ ਤੇ ਗੁਰੂ ਪੰਥ ਉੱਪਰ ਹਮਲੇ ਕੀਤੇ ਜਾ ਰਹੇ ਹਨ। ਇਹ ਤਾਕਤਾਂ ਵਡੇਰਿਆਂ ਵੱਲੋਂ ਸਥਾਪਤ ਕੀਤੀਆਂ ਪੰਥਕ ਸੰਸਥਾਵਾਂ ਨੂੰ ਵੀ ਢਾਹ ਲਾਉਣ ਲਈ ਸਾਜ਼ਿਸ਼ਾਂ ਅਮਲ ਵਿੱਚ ਲਿਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੀਆਂ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਪਿੱਛੇ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਖ਼ਤਰੇ ਵਿੱਚ ਪੈ ਗਈ ਤਾਂ ਸਿੱਖਾਂ ਦੀ ਰੂਹਾਨੀ ਤੇ ਰਾਜਨੀਤਕ ਅਜ਼ਮਤ ਵੀ ਸੁਰੱਖਿਅਤ ਨਹੀਂ ਰਹਿ ਸਕੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly