ਖਹਿਰਾ ਅਤੇ ਮਾਸਟਰ ਵੱਲੋਂ ਲੋਕ ਸਭਾ ਚੋਣ ਲੜਨ ’ਤੇ ਸਵਾਲ ਖੜ੍ਹੇ ਹੋਏ

ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਵੱਲੋਂ ਬਠਿੰਡਾ ਅਤੇ ਮਾਸਟਰ ਬਲਦੇਵ ਸਿੰਘ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਚੋਣ ਲੜਨ ਦੇ ਮੁੱਦੇ ’ਤੇ ਕਈ ਸਵਾਲ ਖੜ੍ਹੇ ਹੋ ਗਏ ਹਨ। ਜਲੰਧਰ ਦੇ ਵਸਨੀਕ ਸਿਮਰਨਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਿਹਾ ਹੈ ਕਿ ਖਹਿਰਾ ਤੇ ਮਾਸਟਰ ਬਲਦੇਵ ‘ਆਪ’ ਦੇ ਵਿਧਾਇਕ ਹੋਣ ਕਰਕੇ ਪੰਜਾਬ ਏਕਤਾ ਪਾਰਟੀ ਵੱਲੋਂ ਲੋਕ ਸਭਾ ਦੀ ਚੋਣ ਨਹੀਂ ਲੜ ਸਕਦੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਦੋਹਾਂ ਵਿਰੁੱਧ ਦਲਬਦਲੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਆਪਣੀ ਸ਼ਿਕਾਇਤ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ੍ਰੀ ਖਹਿਰਾ ਨੇ ਕੁਝ ਦਿਨ ਪਹਿਲਾਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਉਹ ਨਿਰਧਾਰਤ ਇਬਾਰਤ ਤਹਿਤ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦਾ ਅਸਤੀਫ਼ਾ ਅਜੇ ਸਪੀਕਰ ਨੇ ਮਨਜ਼ੂਰ ਕੀਤਾ ਹੈ। ਸਿਮਰਨਜੀਤ ਸਿੰਘ ਨੇ ਕਿਹਾ ਕਿ ਦਲਬਦਲੀ ਕਾਨੂੰਨ ਤਹਿਤ ਚੋਣ ਕਮਿਸ਼ਨ ਨੂੰ ਸ੍ਰੀ ਖਹਿਰਾ ਤੇ ਮਾਸਟਰ ਬਲਦੇਵ ਦੇ ਕਾਗਜ਼ ਰੱਦ ਕਰਨੇ ਚਾਹੀਦੇ ਹਨ ਅਤੇ ਜੇ ਕਮਿਸ਼ਨ ਨੇ ਕਾਗਜ਼ ਰੱਦ ਨਾ ਕੀਤੇ ਤਾਂ ਉਹ ਹਾਈ ਕੋਰਟ ਦਾ ਕੁੰਡਾ ਖੜਕਾਉਣਗੇ। ਉਧਰ ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਮਾਮਲੇ ਵਿਚ ਦਲਬਦਲੂ ਕਾਨੂੰਨ ਲਾਗੂ ਨਹੀਂ ਹੁੰਦਾ ਹੈ।

Previous articleਤ੍ਰਿਣਮੂਲ ਕਾਂਗਰਸ ਦੇ 40 ਵਿਧਾਇਕ ਮੇਰੇ ਸੰਪਰਕ ’ਚ: ਮੋਦੀ
Next articleਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀਆਂ ਦੋ ਵਿਧਵਾਵਾਂ ਨੇ ਕਾਗ਼ਜ਼ ਦਾਖ਼ਲ ਕੀਤੇ