ਖਾਲਿਸਤਾਨ ਪੱਖੀ ਸੱਤ ਕਾਰਕੁਨਾਂ ਦੇ ਰਿਮਾਂਡ ’ਚ ਵਾਧਾ

ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈੱਡਐੱਫ) ਦੇ ਬੀਤੇ ਦਿਨੀਂ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 7 ਕਾਰਕੁਨਾਂ ਦੇ ਪੁਲੀਸ ਰਿਮਾਂਡ ਵਿਚ ਛੇ ਦਿਨ ਦਾ ਵਾਧਾ ਕੀਤਾ ਗਿਆ ਹੈ। ਅੱਜ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਦੀ ਪੁਲੀਸ ਵੱਲੋਂ ਇਨ੍ਹਾਂ ਕਾਰਕੁਨਾਂ ਨੂੰ ਇੱਥੇ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਬਾਕੀ ਹੈ। ਇਸ ਲਈ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਦੀ ਲੋੜ ਹੈ। ਇਸੇ ਤਰ੍ਹਾਂ ਪੁਲੀਸ ਨੂੰ ਹੋਰ ਵੀ ਹਥਿਆਰ ਬਰਾਮਦ ਹੋਣ ਦੀ ਉਮੀਦ ਹੈ। ਪੁਲੀਸ ਨੇ ਅਦਾਲਤ ਨੂੰ ਹੁਣ ਤੱਕ ਕੀਤੀ ਗਈ ਪੁੱਛ-ਪੜਤਾਲ ਅਤੇ ਨਤੀਜਿਆਂ ਬਾਰੇ ਵੀ ਸੰਖੇਪ ਵਿਚ ਦੱਸਿਆ। ਅਦਾਲਤ ਨੇ ਪੱਖ ਸੁਣਨ ਤੋਂ ਬਾਅਦ ਗ੍ਰਿਫ਼ਤਾਰ 7 ਕਾਰਕੁਨਾਂ ਦੇ ਪੁਲੀਸ ਰਿਮਾਂਡ ਵਿਚ ਛੇ ਦਿਨਾਂ ਵਾਸਤੇ 9 ਅਕਤੂਬਰ ਤੱਕ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮੁਲਜ਼ਮ ਬਾਬਾ ਬਲਵੰਤ ਸਿੰਘ, ਆਕਾਸ਼ਦੀਪ, ਹਰਭਜਨ ਸਿੰਘ, ਬਲਬੀਰ ਸਿੰਘ, ਗੁਰਦੇਵ ਸਿੰਘ, ਮਾਨ ਸਿੰਘ ਅਤੇ ਸ਼ੁਭਦੀਪ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ।
ਇਹ ਵੀ ਪਤਾ ਲੱਗਾ ਹੈ ਕਿ ਪੁਲੀਸ ਵੱਲੋਂ ਇਨ੍ਹਾਂ ਕੋਲੋਂ ਕੀਤੀ ਗਈ ਪੁੱਛ-ਪੜਤਾਲ ਦੇ ਆਧਾਰ ’ਤੇ ਇਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਵਾਸਤੇ ਛਾਪੇ ਮਾਰੇ ਜਾ ਰਹੇ ਹਨ। ਸ਼ੁਭਦੀਪ ਕੋਲੋਂ ਕੀਤੀ ਗਈ ਪੜਤਾਲ ਮਗਰੋਂ ਕੁਝ ਹੋਰ ਵਿਅਕਤੀਆਂ ਦੇ ਨਾਂ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਸਾਜਨਪ੍ਰੀਤ ਨੂੰ ਬੀਤੇ ਦਿਨ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਵੱਲੋਂ ਇਨ੍ਹਾਂ ਦੇ ਦੋ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

Previous articleਹਨੇਰੀ ਤੇ ਭਾਰੀ ਮੀਂਹ ਨੇ ਕਿਸਾਨਾਂ ਦੀ ਜਾਨ ਮੁੱਠੀ ਵਿੱਚ ਲਿਆਂਦੀ
Next articleਸੋਨੂੰ ਸ਼ਾਹ ਹੱਤਿਆ ਮਾਮਲਾ: ਬੁੜੈਲ ਦਾ ਹੋਟਲ ਸੰਚਾਲਕ ਗ੍ਰਿਫ਼ਤਾਰ