ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਖਾੜੀ ਮੁਲਕਾਂ ’ਚ ਫਸੇ ਭਾਰਤੀ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਦਾਇਰ ਪਟੀਸ਼ਨ ’ਤੇ ਅੱਜ ਕੇਂਦਰ, ਸੀਬੀਆਈ ਤੇ 12 ਸੂਬਿਆਂ ਨੂੰ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਮਜ਼ਦੂਰਾਂ ਦੇ ਪਾਸਪੋਰਟ ਗੁਆਚ ਗਏ ਹਨ। ਅਪੀਲ ’ਚ ਇਨ੍ਹਾਂ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਗਈ ਹੈ।
ਜਸਟਿਸ ਐੱਨਵੀ ਰਮਨ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਅਨਿਰੁੱਧ ਬੋਸ ਦੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਗ੍ਰਹਿ ਮੰਤਰਾਲੇ, ਸੀਬੀਆਈ, ਤਿਲੰਗਾਨਾ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰਨਾਂ ਸੂਬਿਆਂ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਵੱਲੋਂ ਗਲਫ਼ ਤਿਲੰਗਾਨਾ ਵੈੱਲਫੇਅਰ ਐਂਡ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਬਸੰਤ ਰੈੱਡੀ ਪਟਕੁਰੀ ਦੀ ਅਪੀਲ ’ਤੇ ਸੁਣਵਾਈ ਕੀਤੀ ਜਾ ਰਹੀ ਸੀ।