ਚੰਡੀਗੜ੍ਹ (ਸਮਾਜਵੀਕਲੀ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੀਰਾ ’ਚ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ ਖੇਤੀ ਸੁਧਾਰਾਂ ਦੇ ਨਾਮ ਉੱਤੇ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਾਉਣ ਲਈ ਵਿਸ਼ਾਲ ਇਕੱਠ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਦਾਣਾ ਮੰਡੀ ਜ਼ੀਰਾ ਵਿਚ ਰੋਸ ਮਾਰਚ ਕਰਦਿਆਂ ਮੁੱਖ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਰਵਨ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾਂ, ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ, ਰਣਬੀਰ ਸਿੰਘ ਠੱਠਾ ਨੇ ਕਿਸਾਨੀ ਵਿਰੋਧੀ ਆਰਡੀਨੈਂਸ ਲਾਗੂ ਨਾ ਹੋਣ ਦਾ ਸੱਦਾ ਦਿੰਦਿਆਂ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ਦਾ ਘਿਰਾਓ ਕਰਨ ਤੇ ਮੌਜੂਦਾ 13 ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਰਾਹੀਂ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰ ਖੇਤਰ ਵਿਚ ਛਾਪਾ ਮਾਰ ਰਹੀ ਹੈ ਤੇ ਰਾਜਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਵਿਚ ਬਣੀਆਂ 1873 ਦਾਣਾ ਮੰਡੀਆਂ ਉਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ ਤੇ ਪੰਜਾਬ ਦੀ ਕਿਸਾਨੀ ਹੋਰ ਕਰਜ਼ਾਈ ਹੋ ਕੇ ਖੇਤੀ ਵਿਚੋਂ ਬਾਹਰ ਹੋ ਜਾਵੇਗੀ।