ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖਿਲਾਫ਼ ਸਖ਼ਤ ਸਟੈਂਡ ਨਹੀਂ ਲੈ ਸਕਿਆ। ਪਾਰਲੀਮੈਂਟ ਦੇ ਇਜਲਾਸ ਤੋਂ ਪਹਿਲਾਂ ਅੱਜ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਖਿਲਾਫ਼ ਅਕਾਲੀ ਦਲ ਕੋਈ ਮਤਾ ਪਾਸ ਨਹੀਂ ਕਰ ਸਕਿਆ। ਪਾਰਲੀਮੈਂਟ ਦੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਵੱਲੋਂ ਲਏ ਜਾਣ ਵਾਲੇ ਸਟੈਂਡ ਬਾਰੇ ਵੀ ਕੋਈ ਸਪੱਸ਼ਟ ਫੈਸਲਾ ਨਹੀਂ ਹੋ ਸਕਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਜ਼ਰੂਰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਤਿੰਨੋ ਖੇਤੀ ਆਰਡੀਨੈਂਸ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ-ਮਜ਼ਦੂਰਾਂ ਦੇ ਖਦਸ਼ੇ ਦੂਰ ਕਰੇ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਕਿਸਾਨੀ ਦੀ ਹਮਾਇਤ ’ਚ ਕੋਈ ਸਖ਼ਤ ਪੈਂਤੜਾ ਨਹੀਂ ਲਿਆ ਜਾ ਸਕਿਆ। ਊਂਜ ਮੀਟਿੰਗ ਦੌਰਾਨ ਕਿਸਾਨੀ ਦੀ ਹਮਾਇਤ ਵਿਚ ਹਾਅ ਦਾ ਨਾਅਰਾ ਤਾਂ ਮਾਰਿਆ ਗਿਆ ਪ੍ਰੰਤੂ ਕੇਂਦਰ ਦੀ ਨਾਰਾਜ਼ਗੀ ਤੋਂ ਬਚਣ ਦੀ ਵੀ ਕੋਸ਼ਿਸ਼ ਕੀਤੀ ਗਈ।
ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁੜ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਭਵਿੱਖ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੋਰ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਕਿ ਅਕਾਲੀ ਦਲ ਕਿਸੇ ਵੀ ਸੂਰਤ ਵਿਚ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। ਊਨ੍ਹਾਂ ਕਿਸਾਨਾਂ ਨੂੰ ਪਾਰਟੀ ਦੀ ਜਿੰਦ-ਜਾਨ ਦੱਸਿਆ ਅਤੇ ਕਿਹਾ ਕਿ ਪਾਰਟੀ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਲੜਾਈ ਜਾਰੀ ਰੱਖੇਗੀ।
ਕੋਰ ਕਮੇਟੀ ਨੇ ਕਿਸਾਨਾਂ ਦੇ ਸਾਰੇ ਮਸਲੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਦ੍ਰਿੜ੍ਹ ਸੰਕਲਪ ਲਿਆ ਹੈ। ਅਕਾਲੀ ਦਲ ਨੇ ਪਿਛਲੇ ਦਿਨਾਂ ਵਿਚ ਕਿਸਾਨਾਂ ਤੇ ਮਜ਼ਦੂਰ ਧਿਰਾਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਹਨ। ਇਸ ਮਗਰੋਂ ਰਾਇ ਬਣੀ ਕਿ ਕੇਂਦਰ ਸਰਕਾਰ ਨੂੰ ਖੇਤੀ ਆਰਡੀਨੈਂਸ ਸੰਸਦ ਵਿਚ ਪੇਸ਼ ਕਰਨ ਲਈ ਕਾਹਲ ਨਹੀਂ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਮੀਟਿੰਗ ਵਿੱਚ ਦੱਸਿਆ ਕਿ ਗੁਆਂਢੀ ਰਾਜਾਂ ਦੇ ਕਿਸਾਨ ਸੰਗਠਨਾਂ ਨੇ ਵੀ ਉਨ੍ਹਾਂ ਤੱਕ ਪਹੁੰਚ ਕਰਕੇ ਆਰਡੀਨੈਂਸਾਂ ਪ੍ਰਤੀ ਖਦਸ਼ੇ ਜ਼ਾਹਰ ਕੀਤੇ ਹਨ। ਕੋਰ ਕਮੇਟੀ ਨੇ ਮਸ਼ਵਰਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਕਿਸਾਨਾਂ ਦੇ ਫਿਕਰ ਦੂਰ ਕੀਤੇ ਜਾ ਸਕਣ। ਕੇਂਦਰ ਸਰਕਾਰ ਤੋਂ ਇਲਾਵਾ ਵਫ਼ਦ ਹਮਖਿਆਲ ਪਾਰਟੀਆਂ ਨਾਲ ਵੀ ਗੱਲਬਾਤ ਕਰੇਗਾ।
ਕੋਰ ਕਮੇਟੀ ਦੀ ਮੀਟਿੰਗ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਮਾਨ, ਜਗਮੀਤ ਬਰਾੜ ਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਸ਼ਮੂਲੀਅਤ ਕੀਤਾ।