ਖੇਤੀ ਕਾਨੂੰਨਾਂ ਖ਼ਿਲਾਫ਼ ‘ਭਾਰਤ ਬੰਦ’ ਅੱਜ

ਨਵੀਂ ਦਿੱਲੀ (ਸਮਾਜ ਵੀਕਲੀ) : ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕ ਦੇ ‘ਭਾਰਤ ਬੰਦ’ ਦੇ ਸੱਦੇ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਆਪਣੇ ਨਾਲ ਜੁੜੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬੰਦ ਨੂੰ ਅਮਲ ਵਿੱਚ ਲਿਆਉਣ ਲਈ ਕੋਈ ਜ਼ੋਰ-ਜ਼ਬਰਦਸਤੀ ਨਾ ਕਰਨ। ਆਗੂਆਂ ਨੇ ਕਿਹਾ ਕਿ ‘ਭਾਰਤ ਬੰਦ’ ਦੌਰਾਨ ਐਮਰਜੰਸੀ ਸੇਵਾਵਾਂ ਨੂੰ ਪੂਰੀ ਖੁੱਲ੍ਹ ਦਿੱਤੀ ਜਾਵੇਗੀ।

ਕਿਸਾਨ ਆਗੂਆਂ ਨੇ ਸਾਰਿਆਂ ਨੂੰ ‘ਸੰਕੇਤਕ’ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ 8 ਦਸੰਬਰ ਨੂੰ ਅਹਿਮ ਸੜਕਾਂ ’ਤੇ ਸਵੇਰੇ 11 ਵਜੇ ਤੋਂ 3 ਵਜੇ ਤਕ ‘ਚੱਕਾ ਜਾਮ’ ਕਰਨਗੇ। ਵੱਖ ਵੱਖ ਟਰੇਡ ਯੂਨੀਅਨਾਂ ਵੱਲੋਂ ਦਿੱਤੀ ਹਮਾਇਤ ਮਗਰੋਂ ਉੱਤਰੀ ਭਾਰਤ ਵਿੱਚ ਬੰਦ ਦਾ ਵੱਡਾ ਅਸਰ ਨਜ਼ਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਪੁਲੀਸ ਨੇ ‘ਭਾਰਤ ਬੰਦ’ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜਾਈ ’ਚ ਅੜਿੱਕਾ ਪਾਉਣ ਵਾਲਿਆਂ ਜਾਂ ਜਬਰੀ’ ਦੁਕਾਨਾਂ ਬੰਦ ਕਰਵਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸਿੰਘੂ ਬਾਰਡਰ ਉੱਤੇ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਮਨਸੂਖ਼ ਕਰਨ ਸਬੰਧੀ ਕਿਸਾਨਾਂ ਦੀ ਮੰਗ ਨੂੰ ਹਰ ਹਾਲ ਮੰਨਣਾ ਹੋਵੇਗਾ। ਰਾਜੇਵਾਲ ਨੇ ਕਿਹਾ, ‘ਮੋਦੀ ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ। ਅਸੀਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਛੁੱਟ ਹੋਰ ਕਿਸੇ ਗੱਲ ’ਤੇ ਨਹੀਂ ਮੰਨਾਂਗੇ।’ ਸਿਹਤਯਾਬ ਹੋ ਕੇ ਮੁੜ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰੇ ਰਾਜੇਵਾਲ ਨੇ ਕਿਹਾ ਕਿ ਬੰਦ ਦੌਰਾਨ ਕਿਸਾਨ ਜ਼ਬਰਦਸਤੀ ਕਿਸੇ ਵੀ ਦੁਕਾਨ ਜਾਂ ਅਦਾਰੇ ਨੂੰ ਬੰਦ ਨਾ ਕਰਵਾਉਣ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਹੀ ਪੈਣੀ ਤੇ ਕਿਸਾਨਾਂ ਦੀ ਬਰਬਾਦੀ ਦਾ ਕਾਰਨ ਬਣਨ ਵਾਲੇ ਖੇਤੀਬਾੜੀ ਕਾਨੂੰਨਾਂ ਰੱਦ ਕਰਨਾ ਹੋਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਖੱਜਲ ਖੁਆਰੀ ਤੋਂ ਬਚਣ ਲਈ ਭਲਕੇ ਸਵੇਰੇ 11 ਤੋਂ 3 ਵਜੇ ਦੇ ਦਰਮਿਆਨ ਸਫ਼ਰ ਕਰਨ ਤੋਂ ਪ੍ਰਹੇਜ਼ ਕਰਨ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਇਸ ਅਰਸੇ ਦੌਰਾਨ ਦੁਕਾਨਾਂ ਬੰਦ ਰੱਖਣ ਲਈ ਕਿਹਾ। ‘ਭਾਰਤ ਬੰਦ’ ਦੌਰਾਨ ਟੌਲ ਪਲਾਜ਼ਿਆਂ ’ਤੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਕਿਸਾਨਾਂ ਦੇ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਕਿਸਾਨ ਇਸ ਬਾਬਤ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ।

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਡਾ.ਦਰਸ਼ਨ ਪਾਲ ਨੇ ਵਿਵਾਦਿਤ ਖੇਤੀ ਕਾਨੂੰਨਾਂ ’ਚ ਸੋਧ ਦੀ ਕੇੇਂਦਰੀ ਦੀ ਪੇਸ਼ਕਸ਼ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਸ਼ੁਰੂਆਤ ਵਿੱਚ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਣ ਵਾਲੀ ਸਰਕਾਰ ਹੁਣ ਇਨ੍ਹਾਂ ਕਾਨੂੰਨਾਂ ’ਚ ਸੋਧਾਂ ਲਈ ਕਿਉਂ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ, ‘ਅਸੀਂ ਚਾਹੁੰਦੇ ਹਾਂ ਕਿ ਸਰਕਾਰ ਪੁਰਾਣੇ ਖੇਤੀ ਕਾਨੂੰਨਾਂ ਨੂੰ ਹੀ ਬਹਾਲ ਕਰੇ, ਫਿਰ ਚਾਹੇ ਸਰਕਾਰ ਨੂੰ ਇਹ ਲੱਗੀ ਜਾਵੇ ਕਿ ਇਹ ਕਿਸਾਨਾਂ ਲਈ ਲਾਹੇਵੰਦ ਨਹੀਂ ਹਨ।’ ਉਨ੍ਹਾਂ ਮੁੜ ਦੁਹਰਾਇਆ ਕਿ ਭਲਕੇ ਸਾਰਾ ਦਿਨ ਬੰਦ ਰਹੇਗਾ ਤੇ ਬਾਅਦ ਦੁਪਹਿਰ 3 ਵਜੇ ਤੱਕ ਚੱਕਾ ਜਾਮ ਰਹੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਮੰਚ ਤੋਂ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਕਿਸੇ ਵੀ ਰਾਜਸੀ ਵਿਅਕਤੀ ਨੂੰ ਆਪਣੀਆਂ ਸਟੇਜਾਂ ਉਪਰ ਚੜ੍ਹਨ ਨਹੀਂ ਦੇਣਾ ਚਾਹੁੰਦੇ।

ਭਾਰਤੀ ਕਿਸਾਨ ੲੇਕਤਾ ਸੰਗਠਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਦੌਰਾਨ ਅਮਨ-ਅਮਾਨ ਨੂੰ ਯਕੀਨੀ ਬਣਾਉਣ ਤੇ ਕਿਸੇ ਲੜਾਈ ਝਗੜੇ ਵਿੱਚ ਨਾ ਪੈਣ। ਉਨ੍ਹਾਂ ਕਿਹਾ ਕਿ ਬੰਦ ਦਾ ਸੱਦਾ ਪੂਰੇ ਦੇਸ਼ ਵਿੱਚ ਸਫ਼ਲ ਤੇ ਅਸਰਦਾਰ ਰਹੇਗਾ। ਇਸ ਦੌਰਾਨ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਸੀਏਆਈਟੀ) ਤੇ ਆਲ ਇੰਡੀਆ ਟਰਾਂਸਪੋਰਟਰਜ਼ ਵੈਲਫੇਅਰ ਐਸੋਸੀਏਸ਼ਨ ਨੇ ਕਿਹਾ ਕਿ ਭਲਕੇ ਦਿੱਲੀ ਸਮੇਤ ਦੇਸ਼ ਭਰ ਦੀਆਂ ਸਾਰੀਆਂ ਮਾਰਕੀਟਾਂ ਖੁੱਲ੍ਹੀਆਂ ਤੇ ਟਰਾਂਸਪੋਰਟ ਸੇਵਾਵਾਂ ਚਾਲੂ ਰਹਿਣਗੀਆਂ।

ਇਸ ਦੌਰਾਨ ਦਿੱਲੀ ਪੁਲੀਸ ਦੇ ਈਸ਼ ਸਿੰਗਲ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਭਲਕੇ ਭਾਰਤ ਬੰਦ ਮੌਕੇ ਸੜਕਾਂ ਨੂੰ ਲੋਕਾਂ ਦਾ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਜਬਰੀ ਦੁਕਾਨਾਂ ਬੰਦ ਕਰਵਾਉਣ ਵਾਲਿਆਂ ਤੇ ਆਵਾਜਾਈ ’ਚ ਅੜਿੱਕਾ ਬਣਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Previous articleਕਿਸਾਨ ਅੰਦੋਲਨ ਨੂੰ ਲੈ ਕੇ ਠੱਟਾ ਟਿੱਬਾ ਇਲਾਕੇ ਦੇ ਕਿਸਾਨਾਂ ਦੀ ਵਿਸ਼ਾਲ ਮੀਟਿੰਗ
Next articleਖਿਡਾਰੀ ਸਨਮਾਨ ਮੋੜਨ ਪੁੱਜੇ ਦਿੱਲੀ, ਰੋਕਣ ’ਤੇ ਲਾਇਆ ਧਰਨਾ