ਚੰਡੀਗੜ੍ਹ/ਖਟਕੜ ਕਲਾਂ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਊਨ੍ਹਾਂ ਦੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਸੁਪਰੀਮ ਕੋਰਟ ਜਾਵੇਗੀ। ਊਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਸੰਵਿਧਾਨਿਕ ਐਕਟਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਕਾਨੂੰਨੀ ਰਾਹ ਅਖ਼ਤਿਆਰ ਕਰਨ ਵਾਸਤੇ ਊਹ ਵਕੀਲਾਂ ਨਾਲ ਸਲਾਹ ਕਰਨਗੇ। ਊਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਕਿਸਾਨਾਂ ਦੀ ਨਾਰਾਜ਼ਗੀ ਦਾ ਲਾਹਾ ਲੈਂਦਿਆਂ ਪੂਰੇ ਮੁਲਕ ’ਚ ਅਸ਼ਾਂਤੀ ਫੈਲਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਅਤੇ ਕਾਨੂੰਨੀ ਪੱਧਰ ’ਤੇ ਲੜਾਈ ਨਾਲੋਂ ਨਾਲ ਜਾਰੀ ਰੱਖੀਆਂ ਜਾਣਗੀਆਂ। ਊਧਰ ਪਿੰਡ ਖਟਕੜ ਕਲਾ ’ਚ ਪੰਜਾਬ ਸਰਕਾਰ ਨੇ ਕੇਂਦਰ ਖਿਲਾਫ਼ ਕਿਸਾਨੀ ਦੇ ਮੁੱਦੇ ’ਤੇ ਜੰਗ ਦਾ ਬਿਗਲ ਵਜਾਇਆ। ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮਦਿਨ ਮੌਕੇ ਊਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ’ਤੇ ਬੈਠੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਕਦੇ ਵੀ ਨਹੀਂ ਚਾਹੁੰਦੇ ਕਿ ਪੰਜਾਬ ਦਾ ਨੌਜਵਾਨ ਅਤੇ ਕਿਸਾਨ ਆਪਣੇ ਜਿਊਣ ਦੇ ਅਧਿਕਾਰ ਦੀ ਲੜਾਈ ਲੜਨ ਲਈ ਹਥਿਆਰ ਚੁੱਕਣ। ਉਨ੍ਹਾਂ ਸਾਵਧਾਨ ਕੀਤਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਸਰਹੱਦੀ ਸੂਬੇ ਪੰਜਾਬ ਦੀ ਸੁਰੱਖਿਆ ਖ਼ਤਰੇ ਵਿੱਚ ਪਵੇਗੀ ਕਿਉਂਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਹਮੇਸ਼ਾ ਹੀ ਗੜਬੜ ਫੈਲਾਉਣ ਦੇ ਮੌਕਿਆਂ ਦੀ ਤਾਕ ਵਿੱਚ ਰਹਿੰਦੀ ਹੈ। ਊਨ੍ਹਾਂ ਕਿਹਾ ਕਿ ਬੀਤੇ ਸਮਿਆਂ ’ਚ ਨਾਸਮਝੀ ਨਾਲ ਵਾਪਰੀ ਹਿੰਸਾ ’ਚ ਪੰਜਾਬ ਦੀਆਂ 35000 ਜ਼ਿੰਦਗੀਆਂ ਅਤਿਵਾਦ ਦੀ ਭੇਟ ਚੜ੍ਹ ਗਈਆਂ।
‘ਪੰਜਾਬ ’ਚ ਹੁਣ ਸ਼ਾਂਤੀ ਹੈ ਪਰ ਜਦੋਂ ਤੁਸੀਂ ਕਿਸੇ ਦਾ ਭੋਜਨ ਖੋਹਣ ਦੀ ਕੋਸ਼ਿਸ਼ ਕਰਦੇ ਹੋ ਤਾਂ ਕੀ ਊਹ ਨਾਰਾਜ਼ ਨਹੀਂ ਹੋਵੇਗਾ? ਊਹ ਆਈਐੱਸਆਈ ਦੇ ਨਿਸ਼ਾਨੇ ’ਤੇ ਆ ਜਾਵੇਗਾ। ਊਨ੍ਹਾਂ (ਕੇਂਦਰ ਸਰਕਾਰ) ਜੋ ਕੁਝ ਕੀਤਾ ਹੈ ਊਹ ਦੇਸ਼ ਵਿਰੋਧੀ ਕਾਰਵਾਈ ਹੈ।’ ਅਡਾਨੀ ਵਰਗੇ ਵੱਡੇ ਕਾਰਪੋਰੇਟਾਂ ਨੂੰ ਖੁਸ਼ ਕਰਨ ਲਈ ਪੰਜਾਬੀਆਂ ਅਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੀ ਅਡਾਨੀ ਗਰੀਬ ਭਾਰਤੀਆਂ ਨੂੰ ਸਸਤਾ ਭੋਜਨ ਦੇਵੇਗਾ?’’
ਪਿਛਲੇ ਕਈ ਮਹੀਨਿਆਂ ਤੋਂ ਬਿੱਲਾਂ ਦਾ ਬਚਾਅ ਕਰਨ ਲਈ ਅਕਾਲੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਫਿਰ ਸਵਾਲ ਕੀਤਾ ਕਿ ਹਰਸਿਮਰਤ ਬਾਦਲ ਇਸ ਪੂਰੇ ਸਮੇਂ ਦੌਰਾਨ ਕੀ ਕਰ ਰਹੇ ਸਨ ਅਤੇ ਜਦੋਂ ਆਰਡੀਨੈਂਸ ਲਿਆਂਦੇ ਗਏ ਸਨ ਤਾਂ ਉਸ ਨੇ ਮੰਤਰੀ ਮੰਡਲ ’ਚੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ। ਉਨ੍ਹਾਂ ਨੇ ਅਕਾਲੀਆਂ ਦੇ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਖੋਖਲੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ “ਅਕਾਲੀਆਂ ਨੇ ਸਰਬ ਪਾਰਟੀ ਮੀਟਿੰਗ ਵਿਚ ਸਾਡਾ ਵਿਰੋਧ ਕਿਉਂ ਕੀਤਾ? ਉਹ ਵਿਧਾਨ ਸਭਾ ’ਚੋਂ ਕਿਉਂ ਭੱਜ ਗਏ?”
ਕੈਪਟਨ ਨੇ ਸਪੱਸ਼ਟ ਕੀਤਾ ਕਿ ਐੱਮਐੱਸਪੀ ’ਤੇ ਕੇਂਦਰ ਦੇ ਜ਼ੁਬਾਨੀ ਭਰੋਸੇ ਊਪਰ ਇਤਬਾਰ ਨਹੀਂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਸਭ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਅਤੇ ਇਸ ਦੇ ਲੋਕਾਂ, ਖ਼ਾਸਕਰ ਕਿਸਾਨੀ ਦੀ ਰੱਖਿਆ ਲਈ ਇਕਜੁੱਟ ਹੋ ਕੇ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਲੜਨ ’ਤੇ ਜ਼ੋਰ ਦਿੱਤਾ। ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਦੁਹਰਾਇਆ ਕਿ ਕੋਵਿਡ ਤੋਂ ਬਚਾਅ ਲਈ ਲਾਈ ਗਈ ਧਾਰਾ 144 ਤਹਿਤ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਅਲੋਪ ਹੋ ਜਾਣ ਵਾਲੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਤਾਂ ਅੱਜ ਕਿਸਾਨੀ ਦੇ ਹਿੱਤਾਂ ਲਈ ਮੈਦਾਨ ’ਚ ਹਨ ਅਤੇ ਉਨ੍ਹਾਂ ਵਾਂਗ ਇਸ ਗੰਭੀਰ ਮੁੱਦੇ ’ਤੇ ਸਿਆਸਤ ਨਹੀਂ ਕਰਦੇੇ ਹਨ।