ਗਵਾਲੀਅਰ (ਸਮਾਜ ਵੀਕਲੀ) : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਖ਼ਾਸ ਖੇਤਰ ਤੱਕ ਸੀਮਿਤ ਹੈ ਅਤੇ ਜਲਦੀ ਹੀ ਇਸ ਮੁੱਦੇ ਖੜੋਤ ਛੇਤੀ ਹੀ ਟੁੱਟੇਗੀ। ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤੋਮਰ ਨੇ ਕਾਂਗਰਸ ’ਤੇ ਕਿਸਾਨ ਅੰਦੋਲਨ ’ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, ” ਕਿਸਾਨਾਂ ਦਾ ਅੰਦੋਲਨ ਇਕ ਖਾਸ ਖੇਤਰ ਤੱਕ ਸੀਮਤ ਹੈ।
ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਮੈਂ ਉਮੀਦ ਕਰਦਾ ਹਾਂ ਕਿ ਅਸੀਂ ਬਹੁਤ ਜਲਦੀ ਇਸ ਖੜੋਤ ਤੋੜਨ ਦੇ ਯੋਗ ਹੋਵਾਂਗੇ।” ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਕਿਸਾਨੀ ਦੇ ਮੁੱਦਿਆਂ ’ਤੇ ਬੋਲਣ ਦਾ ਅਧਿਕਾਰ ਨਹੀਂ ਹੈ। ਸੱਤਾ ਵਿਚ ਰਹਿੰਦਿਆਂ ਕਾਂਗਰਸ ਨੇ ਕਿਸਾਨਾਂ ਲਈ ਕੁਝ ਕਿਉਂ ਨਹੀਂ ਕੀਤਾ? ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਸੇ ਤਰ੍ਹਾਂ ਦੇ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ ਗਿਆ ਸੀ ਪਰ ਕਾਂਗਰਸ ਨੇ ਹੁਣ ਸਿਆਸੀ ਲਾਹਾ ਲੈਣ ਲਈ ਰੁਖ਼ ਬਦਲ ਲਿਆ ਹੈ।