ਖੇਤੀ ਕਾਨੂੰਨਾਂ ਦੇ ਹੱਕ ’ਚ ਕਿਸਾਨ ਜਥੇਬੰਦੀ ਸੁਪਰੀਮ ਕੋਰਟ ਪਹੁੰਚੀ

ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ’ਚ 11 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਅੱਜ ਇੱਕ ਕਿਸਾਨ ਜਥੇਬੰਦੀ ਇਨ੍ਹਾਂ ਕਾਨੂੰਨਾਂ ਦੇ ਹੱਕ ’ਚ ਸੁਪਰੀਮ ਕੋਰਟ ਚਲੀ ਗਈ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਤੇ ਖੇਤੀਬਾੜੀ ਦਾ ਵਿਕਾਸ ਕਰਨ ਵਾਲੇ ਹਨ। ਕਨਸੋਰਟੀਅਮ ਆਫ ਇੰਡੀਅਨ ਫਾਰਮਰਜ਼ ਐਸੋਸੀਏਸ਼ਨਜ਼ (ਸੀਆਈਐਫਏ) ਨੇ ਆਪਣੀ ਪਟੀਸ਼ਨ ’ਚ ਸੁਪਰੀਮ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਸ ਮੁੱਦੇ ’ਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ।  ਉੱਧਰ ਇੱਕ ਪਟੀਸ਼ਨਰ ਨੇ ਵਾਧੂ ਹਲਫ਼ਨਾਮਾ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਮੁਜ਼ਾਹਰਾਕਾਰੀਆਂ ਨੂੰ ਹਟਾਉਣ ਸਬੰਧੀ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

ਪਟੀਸ਼ਨਰ ਅਨੁਸਾਰ ਕਿਸਾਨਾਂ ਵੱਲੋਂ ਸੜਕਾਂ ਰੋਕੇ ਜਾਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਦਿੱਲੀ ਦੇ ਰਹਿਣ ਵਾਲੇ ਰਿਸ਼ਭ ਸ਼ਰਮਾ ਨਾਂ ਦੇ ਵਿਅਕਤੀ ਨੇ ਆਪਣੇ ਹਲਫ਼ਨਾਮੇ ’ਚ ਕਿਹਾ, ‘ਜੇਕਰ ਕਿਸਾਨ ਅੰਦੋਲਨ ਨੂੰ ਇਸੇ ਤਰ੍ਹਾਂ ਜਾਰੀ ਰਹਿਣ ਦੀ ਇਜਾਜ਼ਤ ਦਿੱਤੀ ਗਈ ਤਾਂ ਇਹ ਨਾ ਸਿਰਫ਼ ਸੁਪਰੀਮ ਕੋਰਟ ਵੱਲੋਂ ਸ਼ਾਹੀਨ ਬਾਗ ਮੋਰਚੇ ਬਾਰੇ ਸੁਣਾਏ ਗੲੇ ਫ਼ੈਸਲੇ ਦੀ ਉਲੰਘਣਾ ਹੋਵੇਗੀ ਬਲਕਿ ਇਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਣਗੀਆਂ।’  ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਵੱਲੋਂ 11 ਜਨਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ।

Previous articleਸੋਨੀਆ ਵੱਲੋਂ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਲਈ ਆਨਲਾਈਨ ਮੀਟਿੰਗ
Next articleਕਿਸਾਨਾਂ ਖ਼ਿਲਾਫ਼ ਟਿੱਪਣੀਆਂ: ਕੰਗਨਾ ਤੇ ਕੇਂਦਰੀ ਮੰਤਰੀ ਦਾਨਵੇ ਸਣੇ ਪੰਜ ਨੂੰ ਨੋਟਿਸ